No announcement available or all announcement expired.
 
 
 
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਏ ਗਏ ਜਾਂਚ ਕਮਿਸ਼ਨ ਦੁਆਰਾ ਪੇਸ਼ ਕੀਤੀ ਮੁਕੰਮਲ ਜਾਂਚ ਰਿਪੋਰਟ
 
 
 

ਪੰਥਕ ਜਾਹੋ ਜਲਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ

ਧਰਮ ਪ੍ਰਚਾਰ ਅਤੇ ਪੰਥਕ ਸੇਵਾਵਾਂ ਲਈ ਟੀਚਾ ਨਿਰਧਾਰਤ ਭਵਿੱਖੀ ਯੋਜਨਾਵਾਂ ਦਾ ਐਲਾਨ
ਖ਼ੁਦ ਮੁਖ਼ਤਿਆਰ ਸੰਸਥਾ ਹੋਣ ਕਰਕੇ ਸਰਕਾਰਾਂ ਨੂੰ ਹਮੇਸ਼ਾ ਚੁੱਭਦੀ ਹੈ ਸ਼੍ਰੋਮਣੀ ਕਮੇਟੀ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, ੧੭ ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ੧੦੦ ਸਾਲਾ ਸਥਾਪਨਾ ਦਿਵਸ ਅੱਜ ਅੰਮ੍ਰਿਤਸਰ ਵਿਖੇ ਖ਼ਾਲਸਈ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਵਿਸ਼ਾਲ ਪੰਥਕ ਸਮਾਗਮ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵੱਖ-ਵੱਖ ਪੰਥਕ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸਕ ਪਿਛੋਕੜ, ਪਿਛਲੇ ਸੌ ਸਾਲਾ ਇਤਿਹਾਸ ਦੀਆਂ ਪ੍ਰਾਪਤੀਆਂ, ਮੌਜੂਦਾ ਸਮੱਸਿਆਵਾਂ ਤੇ ਚੁਣੌਤੀਆਂ ‘ਤੇ ਮੰਥਨ ਕਰਦਿਆਂ ਭਵਿੱਖੀ ਯੋਜਨਾਵਾਂ ਉਲੀਕਣ ‘ਤੇ ਜ਼ੋਰ ਦਿੱਤਾ। ਇਸ ਮੌਕੇ ਜਿਥੇ ਪੰਥਕ ਏਕਤਾ ਅਤੇ ਗੁਰਦੁਆਰਿਆਂ ਦੇ ਇਕ ਰੂਪ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਸਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਤੋਂ ਵੀ ਪੰਥ ਨੂੰ ਸੁਚੇਤ ਰਹਿਣ ਦਾ ਹੋਕਾ ਦਿੱਤਾ ਗਿਆ। ਇਸ ਇਤਿਹਾਸਕ ਇਕੱਠ ਵਿਚ ਵੱਖ-ਵੱਖ ਪੰਥ ਅਤੇ ਸਮਾਜਿਕ ਸਰੋਕਾਰਾਂ ਨਾਲ ਸਬੰਧ ਰੱਖਦੇ ੧੧ ਵਿਸ਼ੇਸ਼ ਮਤੇ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤੇ ਗਏ।
ਪੰਥਕ ਸਮਾਗਮ ਦੌਰਾਨ ਅੱਜ ਦੇ ਦਿਨ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਈ ਰੱਖਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਸਿੱਖਾਂ ਅੱਗੇ ਹਮੇਸ਼ਾ ਹੀ ਚੁਣੌਤੀਆਂ ਦਰਪੇਸ਼ ਰਹੀਆਂ ਹਨ, ਜੋ ਅਜੌਕੇ ਸਮੇਂ ‘ਚ ਵੀ ਜਾਰੀ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਯੋਗਦਾਨ ਪਾਉਣ ਵਾਲੀਆਂ ਪੰਥਕ ਸਖਸ਼ੀਅਤਾਂ ਨੂੰ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਇਹ ਸੰਸਥਾ ਕੌਮ ਦੀ ਉਚ ਦਮਲਾੜੀ ਸੰਸਥਾ ਹੈ, ਜਿਸ ਨੇ ਆਪਣੇ ੧੦੦ ਸਾਲ ਦੇ ਸਫ਼ਰ ਦੌਰਾਨ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਨੂੰ ਹਕਮੂਤਾਂ ਵਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿ ਕਿਉਂਕਿ ਉਹ ਸਮਝਦੇ ਹਨ ਕਿ ਸ਼੍ਰੋਮਣੀ ਕਮੇਟੀ ਸਟੇਟ ਦੇ ਅੰਦਰ ਇਕ ਸਟੇਟ ਵਾਂਗ ਹੈ। ਇਸੇ ਲਈ ਹੀ ਇਹ ਸੰਸਥਾ ਸਰਕਾਰਾਂ ਨੂੰ ਚੁੱਭਦੀ ਰਹੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਉਨ੍ਹਾਂ ਗੁਰਬਾਣੀ, ਨਿਤਨੇਮ, ਇਤਿਹਾਸ, ਸੰਪਰਦਾਵਾਂ, ਸੰਸਥਾਵਾਂ, ਅੰਮ੍ਰਿਤ ਅਤੇ ਸਿੱਖ ਸਿਧਾਂਤਾਂ ਨੂੰ ਚੁਣੌਤੀ ਦੇਣ ਵਾਲੇ ਲੋਕਾਂ ਤੋਂ ਸੰਗਤ ਨੂੰ ਸੁਚੇਤ ਕਰਦਿਆਂ ਆਖਿਆ ਕਿ ਅੱਜ ਅਜਿਹੀਆਂ ਸ਼ਕਤੀਆਂ ਦਾ ਸਾਂਝੇ ਯਤਨਾਂ ਨਾਲ ਮੁਕਾਬਲਾ ਕਰਨਾ ਜ਼ਰੂਰੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਹ ਵੀ ਆਪਣੇ ੧੦੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੁੰਦਿਆਂ ਪਿੰਡ ਪੱਧਰ ਤੋਂ ਆਪਣੇ ਪੰਥਕ ਸਫਰ ਦਾ ਨਵਾਂ ਅਧਿਆਇ ਸ਼ੁਰੂ ਕਰੇ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾ ਸ੍ਰੋਮਣੀ ਕਮੇਟੀ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਜਿਹੀਆਂ ਸ਼ਕਤੀਆਂ ਦੇ ਮੁਕਾਬਲੇ ਲਈ ਸਮੁੱਚਾ ਪੰਥ ਇਕਜੁੱਟ ਹੋਵੇ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣ ਦਾ ਹਰਇਕ ਨੂੰ ਹੱਕ ਹੈ, ਪਰ ਇਸ ਦੀ ਇਕ ਮਰਯਾਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਵਾਪਰੀਆਂ ਘਟਨਾਵਾਂ ਦੁਖਦਾਈ ਹਨ ਅਤੇ ਸਿੱਖਾਂ ਨੂੰ ਅਜਿਹੀਆਂ ਘਟਨਾਵਾਂ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਨੀ ਚਾਹੀਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ ਨਾ ਕਿ ਬੇਅਦਬੀ ਨਾਲ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਨਿਰਪੱਖ ਜਾਂਚ ਕਰਵਾਈ ਹੈ ਅਤੇ ਪੰਥ ਨੂੰ ਇਸ ‘ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸੌ ਸਾਲਾ ਸਥਾਪਨਾ ਦਿਵਸ ਦੀ ਖ਼ਾਲਸਾ ਪੰਥ ਨੂੰ ਵਧਾਈ ਵੀ ਦਿੱਤੀ।

ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਫ਼ਰ ‘ਤੇ ਝਾਤ ਪਾਉਂਦਿਆਂ ਭਵਿੱਖ ਵਿਚ ਹੋਰ ਦ੍ਰਿੜ੍ਹਤਾ ਨਾਲ ਪੰਥਕ ਸੇਵਾਵਾਂ ਨਿਭਾਉਣ ਦਾ ਪੰਥ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰਦੁਆਰਾ ਪ੍ਰਬੰਧਾਂ ਬਲਕਿ ਸਮੁੱਚੀ ਮਾਨਵਤਾ ਦੀ ਸੇਵਾ ਵਿਚ ਸ਼੍ਰੋਮਣੀ ਕਮੇਟੀ ਦੀ ਵਿਲੱਖਣ ਦੇਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਭਵਿੱਖੀ ਏਜੰਡੇ ਦਾ ਐਲਾਨ ਕਰਦਿਆਂ ਧਰਮ ਪ੍ਰਚਾਰ ਦੀ ਲਹਿਰ ਨੂੰ ਅਧੁਨਿਕ ਸਾਧਨਾਂ ਦੀ ਵਰਤੋਂ ਨਾਲ ਹੋਰ ਪ੍ਰਚੰਡ ਕਰਨ ਦੀ ਵਚਨਬਧਤਾ ਪ੍ਰਗਟਾਈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਜ਼ੁੰਮੇਵਾਰੀਆਂ ਦੇ ਅਹਿਸਾਸ ਦਾ ਪ੍ਰਗਟਾਵਾ ਕਰਦਿਆਂ ਵਿਸ਼ਵ ਭਰ ਦੇ ਸਿੱਖਾਂ ਲਈ ਗੁਰਮਤਿ ਅਨੁਸਾਰ ਸੇਵਾ ਨਿਭਾਉਣ, ਵਿਦਿਆ ਦੇ ਪ੍ਰਚਾਰ ਪ੍ਰਸਾਰ ਅਤੇ ਵੱਖ-ਵੱਖ ਥਾਵਾਂ ‘ਤੇ ਵੱਸ ਰਹੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ਵ ਪੱਧਰੀ ਸਲਾਹਕਾਰ ਕਮੇਟੀ ਦੇ ਗਠਨ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਵੱਧ ਰਹੇ ਪ੍ਰਦੂਸ਼ਣ ਦੇ ਹੱਲ ਲਈ ਵਾਤਾਵਰਨ ਲਹਿਰ ਤਹਿਤ ਹਰ ਗੁਰਦੁਆਰਾ ਸਾਹਿਬ ਤੋਂ ਬੂਟਾ ਪ੍ਰਸ਼ਾਦ ਦੇਣ, ਪਿੰਡਾਂ ਕਸਬਿਆਂ ਸ਼ਹਿਰਾਂ ਵਿਚ ਗ੍ਰੰਥੀ ਸਾਹਿਬਾਨ ਨੂੰ ਗੁਰਬਾਣੀ ਸੰਥਿਆ ਅਤੇ ਸਿੱਖ ਰਹਿਤ ਮਰਯਾਦਾ ਵਿਚ ਪ੍ਰਪੱਕ ਬਣਾਉਣ, ਧਰਮੀ ਫ਼ੌਜੀਆਂ ਦੀ ਪੈਨਸ਼ਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਪੈਰਵਾਈ ਕਰਨ, ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਉਠਾਉਣ ਦਾ ਵੀ ਅਹਿਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਧਰਮ ਪ੍ਰਚਾਰ ਪ੍ਰਸਾਰ ਲਈ ਮੁੜ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਦਿਆਂ ਅਗਲੇ ਪੂਰੇ ਵਰ੍ਹੇ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਉਲੀਕਣ ਦਾ ਵੀ ਐਲਾਨ ਕੀਤਾ।

ਸ਼੍ਰੋਮਣੀ ਕਮੇਟੀ ਨੂੰ ਕਿਸੇ ਵੀ ਸੂਰਤ ‘ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ
ਕੌਮ ਨੂੰ ਦੋਫ਼ਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ ਹਨ ਅਤੇ ਅਜ਼ਾਦੀ ਤੋਂ ਬਾਅਦ ਵੀ ਸਿੱਖਾਂ ਨੇ ਹਰ ਖੇਤਰ ਵਿਚ ਵੱਡੀ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੰਗਤੀ ਸੰਸਥਾ ਹੈ, ਪਰੰਤੂ ਇਸ ਵਿਰੋਧੀਆਂ ਤੋਂ ਇਸ ਦੀ ਆਭਾ ਸਹਾਰੀ ਨਹੀਂ ਜਾਂਦੀ। ਉਨ੍ਹਾਂ ਸਿੱਖ ਵਿਰੋਧੀ ਸ਼ਕਤੀਆਂ ਦੇ ਬਹਿਕਾਵੇਂ ਵਿਚ ਆ ਕੇ ਸ਼੍ਰੋਮਣੀ ਕਮੇਟੀ ਦੀ ਵਿਰੋਧਤਾ ਕਰਨ ਵਾਲੇ ਲੋਕਾਂ ਨੂੰ ਕਿਹਾ ਕਿ ਉਹ ਪਹਿਲਾਂ ਇਸਦੇ ਇਤਿਹਾਸਕ ਪਿਛੋਕੜ ਅਤੇ ਪ੍ਰਾਪਤੀਆਂ ਵੀ ਜਾਣਕਾਰੀ ਹਾਸਲ ਕਰਨ। ਨਿੱਜੀ ਲਾਲਸਾਵਾਂ ਕਾਰਨ ਸਿੱਖ ਪੰਥ ਦੀ ਸੇਵਕ ਸੰਸਥਾ ਨੂੰ ਭੰਡਣਾ ਠੀਕ ਨਹੀਂ ਹੈ। ਸਿੱਖ ਪੰਥ ਅੱਗੇ ਮੌਜੂਦਾ ਚੁਣੌਤੀਆਂ ‘ਤੇ ਗੰਭੀਰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾਖੋਰੀ, ਪਤਿਤਪੁਣਾ, ਧਰਮ ਪ੍ਰਵਰਤਨ ਅਤੇ ਦੇਸ਼ ਵਿਚ ਘਟਗਿਣਤੀਆਂ ਵਿਚ ਵੱਧ ਰਹੀ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਟਗਿਣਤੀਆਂ ਦੀ ਰਖਵਾਲੀ ਨੂੰ ਯਕੀਨੀ ਬਣਾਉਣਾ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਨੂੰ ਵਿਰਸੇ ਦੀ ਸਾਂਭ-ਸੰਭਾਲ ਅਤੇ ਨੌਜੁਆਨੀ ਅੰਦਰ ਇਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹੰਭਲਾ ਮਾਰਨ ਲਈ ਕਿਹਾ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਆਪਸੀ ਤਾਲਮੇਲ ਨਾਲ ਸਾਰੀਆਂ ਚੁਣੌਤੀਆਂ ਤੋਂ ਪਾਰ ਜਾ ਕੇ ਸਾਰਥਿਕ ਸਿੱਟੇ ਜ਼ਰੂਰ ਨਿਕਲਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਿੱਖਿਆ, ਸਿਹਤ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਸੁਝਾਅ ਦਿੰਦਿਆਂ ਕਿਹਾ ਕਿ ਪੰਥਕ ਸੇਵਾਵਾਂ ਵਿਚ ਬੇਹਤਰ ਨਤੀਜੇ ਲੈਣ ਲਈ ਭਵਿੱਖੀ ਯੋਜਨਾਵਾਂ ਨੂੰ ਪੰਜ ਸਾਲਾ ਦਾਇਰੇ ਅੰਦਰ ਪੂਰਾ ਕੀਤਾ ਜਾਵੇ। ਇਸ ਦੇ ਲਈ ਉਨ੍ਹਾਂ ਨੇ ਸੰਗਤਾਂ ਪਾਸੋਂ ਵੀ ਸੁਝਾਅ ਲੈ ਕੇ ਗੌਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਾਨਕਸਰ ਸੰਪਰਦਾ ਵੱਲੋਂ ਬਾਬਾ ਲੱਖਾ ਸਿੰਘ, ਨਿਰਮਲੇ ਸੰਪਰਦਾ ਤੋਂ ਬਾਬਾ ਤੇਜਾ ਸਿੰਘ ਐਮ.ਏ., ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਨੇ ਵੀ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦਾ ਸੰਖੇਪ ਇਤਿਹਾਸ ਦਰਸਾਉਂਦਾ ਇਕ ਕਿਤਾਬਚਾ ਜਾਰੀ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ ੧੧ ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ ੧੧ ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ੍ਹਾਂ ਵਿਚ ਸ. ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ, ਜਿਨ੍ਹਾਂ ਦਾ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ।
ਪਹਿਲੇ ਮਤੇ ਵਿਚ ਸ਼੍ਰੋਮਣੀ ਕਮੇਟੀ ਦੇ ਗਠਨ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਅਕਾਲੀ ਯੋਧਿਆਂ ਨੂੰ ਸ਼ਰਧਾਜਲੀ ਦਿੰਦਿਆਂ ਭਵਿੱਖ ਵਿਚ ਵੀ ਗੁਰੂ ਆਸ਼ੇ ਅਨੁਕੂਲ ਸੰਗਤ ਦੇ ਸਹਿਯੋਗ ਨਾਲ ਪੰਥਕ ਸੇਵਾਵਾਂ ਹੋਰ ਬਿਹਤਰੀਨ ਤਰੀਕੇ ਨਾਲ ਨਿਭਾਉਣ ਦੀ ਦ੍ਰਿੜ੍ਹਤਾ ਪ੍ਰਗਟਾਈ ਗਈ।
ਦੂਜੇ ਮਤੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਨਿਤ ਦਿਹਾੜੇ ਬੇਰੋਕ ਹੋ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੁਸ਼ਟ ਸ਼ਕਤੀਆਂ ਨੂੰ ਬੇਨਕਾਬ ਕਰਨ ਅਤੇ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
ਇਸੇ ਤਰ੍ਹਾਂ ਸਿੱਖ ਇਕ ਵੱਖਰੀ ਕੌਮ ਸਬੰਧੀ ਮਤਾ ਪੇਸ਼ ਕਰਦਿਆਂ ਸਿੱਖਾਂ ਦੇ ਸਰੂਪ ਅਤੇ ਹੋਂਦ ਨੂੰ ਰਲਗਡ ਕਰਨ ਵਾਲੀਆਂ ਸ਼ਕਤੀਆਂ ਤੋਂ ਸਮੁੱਚੇ ਸਿੱਖ ਕੌਮ ਨੂੰ ਸੁਚੇਤ ਕੀਤਾ ਗਿਆ। ਇਕ ਹੋਰ ਮਤੇ ਰਾਹੀਂ ਵਿਦੇਸ਼ਾਂ ਵਿਚ ਸਿੱਖਾਂ ਦੀ ਵੱਖਰੀ ਪਛਾਣ ਦੇ ਸੰਕਟ ਕਾਰਨ ਵਾਪਰ ਰਹੇ ਨਸਲੀ ਹਮਲਿਆਂ ਦੇ ਵਰਤਾਰੇ ‘ਤੇ ਵੀ ਇਕ ਮਤੇ ਰਾਹੀਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਉਹ ਵਿਦੇਸ਼ੀ ਸਰਕਾਰਾਂ ਕੋਲ ਇਸ ਮਸਲੇ ਦੇ ਹੱਲ ਲਈ ਪਹੁੰਚ ਕਰੇ, ਤਾਂ ਜੋ ਅਮਨ ਪਸੰਦ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿਚ ਵਸਦੀ ਹੋਈ ਉਥੋਂ ਦੀ ਸਰਬਪੱਖੀ ਉਨਤੀ ਵਿਚ ਆਪਣਾ ਯੋਗਦਾਨ ਪਾ ਸਕੇ।
ਇਕ ਮਤੇ ਰਾਹੀਂ ਜਾਤ ਪਾਤ, ਊਚ-ਨੀਚ ਅਤੇ ਨਸਲੀ ਭੇਦ ਭਾਵ ਦਾ ਖੰਡਨ ਕਰਦਿਆਂ ਸਮੁੱਚੀਆਂ ਸਮਾਜਿਕ ਇਕਾਈਆਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਆਪਣਾ ਭਰਪੂਰ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ ਗਿਆ।
ਇਸੇ ਤਰ੍ਹਾਂ ਅਜੋਕੀਆਂ ਸਮਾਜਕ ਬੁਰਾਈਆਂ, ਵਿਆਹਾਂ ਸ਼ਾਦੀਆਂ ”ਤੇ ਫਜੂਲ਼ ਖਰਚੀ ਅਤੇ ਭਰੂਣ ਹੱਤਿਆਂ ‘ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਨੂੰ ਸਾਦੇ ਰੀਤੀ ਰਿਵਾਜ ਅਪਨਾਉਣ ਦੀ ਇਕ ਮਤੇ ਰਾਹੀਂ ਅਪੀਲ ਕੀਤੀ ਗਈ।
ਸਿੱਖ ਕੈਦੀਆਂ ਦੀ ਰਿਹਾਈ ਸਬੰਧੀ, ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਕਰਨ ਵਾਲੀਆਂ ਪੰਥ ਵਿਰੋਧੀ ਸ਼ਕਤੀਆਂ ਨੂੰ ਪਛਾੜਨ ਲਈ, ਧਰਮੀ ਫ਼ੌਜੀਆਂ ਦੇ ਹੱਕਾਂ ਦੀ ਰਖਵਾਲੀ ਲਈ, ਦੇਸ਼ ਅੰਦਰ ਘਟਗਿਣਤੀਆਂ ਦੀ ਵੱਧ ਰਹੀ ਅਸੁਰੱਖਿਆ ‘ਤੇ ਚਿੰਤਾ ਪ੍ਰਗਟਾਉਂਦਿਆਂ ਅਤੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਵੱਖ-ਵੱਖ ਮਤਿਆਂ ਰਾਹੀਂ ਅਵਾਜ਼ ਬੁਲੰਦ ਕੀਤੀ ਗਈ ਅਤੇ ਇਨ੍ਹਾਂ ਸਾਰੇ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਚਨਬਧਤਾ ਦਾ ਪ੍ਰਗਟਾਵਾ ਕੀਤਾ ਗਿਆ।

ਸਮਾਗਮ ਦੌਰਾਨ ਹਾਜ਼ਰ ਰਹੀਆਂ ਰਾਜਨੀਤਕ ਸ਼ਖ਼ਸੀਅਤਾਂ:

ਸਮਾਗਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਜਥੇਦਾਰ ਤੋਤਾ ਸਿੰਘ, ਸ. ਬਲਵਿੰਦਰ ਸਿੰਘ ਭੂੰਦੜ, ਸ. ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ. ਅਵਤਾਰ ਸਿੰਘ ਹਿੱਤ, ਭਾਈ ਰਜਿੰਦਰ ਸਿੰਘ ਮਹਿਤਾ, ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਹਰਜਿੰਦਰ ਸਿੰਘ ਧਾਮੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਬੀਬੀ ਕੁਲਦੀਪ ਕੌਰ ਟੌਹੜਾ, ਸ. ਦਰਬਾਰਾ ਸਿੰਘ ਗੁਰੂ, ਸ. ਸਿਕੰਦਰ ਸਿੰਘ ਮਲੂਕਾ, ਸ. ਨਿਰਮਲ ਸਿੰਘ ਕਾਹਲੋਂ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਵੀਰ ਸਿੰਘ ਲੋਪੋਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਬੀਰ ਸਿੰਘ ਵੇਰਕਾ, ਸ. ਗਗਨਜੀਤ ਸਿੰਘ ਬਰਨਾਲਾ, ਸ. ਮਲਕੀਤ ਸਿੰਘ ਏ.ਆਰ., ਸ. ਲਖਬੀਰ ਸਿੰਘ ਲੋਧੀ ਨੰਗਲ, ਸ. ਦਿਲਰਾਜ ਸਿੰਘ ਭੂੰਦੜ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਪ੍ਰਕਾਸ਼ ਸਿੰਘ ਭੱਟੀ, ਸ. ਹੀਰਾ ਸਿੰਘ ਗਾਬੜੀਆਂ, ਸ. ਜਨਮੇਜਾ ਸਿੰਘ ਸੇਖੋਂ, ਸ. ਸੁਰਜੀਤ ਸਿੰਘ ਰੱਖੜਾ, ਜਥੇਦਾਰ ਤੀਰਥ ਸਿੰਘ ਮਾਹਲਾ, ਸ. ਜਗਮੀਤ ਸਿੰਘ ਬਰਾੜ, ਸ. ਗੁਲਜ਼ਾਰ ਸਿੰਘ ਮੂਨਕ, ਸ. ਮਨਤਾਰ ਸਿੰਘ ਬਰਾੜ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ. ਨਵਇੰਦਰ ਸਿੰਘ ਲੌਂਗੋਵਾਲ, ਸ. ਜਗਸੀਰ ਸਿੰਘ ਚੇਅਰਮੈਨ, ਸ. ਸਰਬਜੀਤ ਸਿੰਘ ਮੱਕੜ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਤਲਵਿੰਦਰ ਸਿੰਘ ਬੁੱਟਰ, ਸ੍ਰੀ ਕਬੀਰ ਦਾਸ ਨਾਭਾ, ਸ. ਸਤਬੀਰ ਸਿੰਘ ਖੱਟੜਾ, ਸ. ਹਰਿੰਦਰਪਾਲ ਸਿੰਘ ਟੌਹੜਾ, ਸ੍ਰੀ ਐਨ.ਕੇ. ਸ਼ਰਮਾ, ਸ. ਅਰਵਿੰਦਰ ਸਿੰਘ ਰਸੂਲਪੁਰ, ਸ. ਹਰਮੀਤ ਸਿੰਘ ਕਾਲਕਾ, ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਭਗਵੰਤ ਸਿੰਘ ਸਿਆਲਕਾ, ਸ. ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਪਾਲ ਸਿੰਘ ਜੱਲ੍ਹਾ, ਸ. ਗੁਰਮੀਤ ਸਿੰਘ ਬੂਹ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਗੜੀ, ਸ. ਸਤਵਿੰਦਰ ਸਿੰਘ ਟੌਹੜਾ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਪਰਮਜੀਤ ਸਿੰਘ ਖਾਲਸਾ, ਸ. ਦਲਜੀਤ ਸਿੰਘ ਭਿੰਡਰ, ਸ. ਹਰਿੰਦਰ ਸਿੰਘ ਰਣੀਆ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਬਲਦੇਵ ਸਿੰਘ ਮਾਨ, ਬਾਬਾ ਟੇਕ ਸਿੰਘ ਧਨੌਲਾ ਬਰਨਾਲਾ, ਸ. ਬਲਦੇਵ ਸਿੰਘ ਚੂੰਘਾ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਜੋਗਰਾਜ ਸਿੰਘ ਅਮਰੀਕਾ, ਜਥੇਦਾਰ ਸੁਖਦੇਵ ਸਿੰਘ ਸਾਊਥਹਾਲ, ਸ. ਹਰਚਰਨ ਸਿੰਘ ਤੇ ਸ. ਭੁਪਿੰਦਰ ਸਿੰਘ, ਸ. ਗੁਰਿੰਦਰਪਾਲ ਸਿੰਘ ਜੋਸਨ ਅਮਰੀਕਾ, ਸ. ਮਨਜੀਤ ਸਿੰਘ ਸਿੱਖ ਸ਼ਾਸਤਰ ਵਿਦਿਆ ਕੌਂਸਲ ਆਦਿ ਮੌਜੂਦ ਸਨ।

ਸਮਾਗਮ ਦੌਰਾਨ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ :

ਸਮਾਗਮ ਦੌਰਾਨ ਬਾਬਾ ਸ਼ੁਬੇਗ ਸਿੰਘ ਕਾਰਸੇਵਾ ਵਾਲੇ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਰੂਮੀ ਵਾਲੇ ਭੁੱਚੋ ਕਲਾਂ ਬਠਿੰਡਾ, ਬਾਬਾ ਤਰਸੇਮ ਸਿੰਘ, ਬਾਬਾ ਨਿਰਮਲ ਸਿੰਘ ਜੌਹਲਾਂ, ਬਾਬਾ ਧਰਮਵੀਰ ਸਿੰਘ ਹੰਸਾਲੀਵਾਲੇ, ਬਾਬਾ ਬਲਦੇਵ ਸਿੰਘ ਅਨੰਦਪੁਰ ਸਾਹਿਬ ਵਾਲੇ, ਬਾਬਾ ਗੁਰਮੀਤ ਸਿੰਘ ਅਨੰਦਪੁਰ ਸਾਹਿਬ ਮਿਸਲ ਸ਼ਹੀਦਾਂ, ਜਥੇਦਾਰ ਪ੍ਰਤਾਪ ਸਿੰਘ ਮਿਸਲ ਸ਼ਹੀਦਾਂ, ਬਾਬਾ ਸਤਨਾਮ ਸਿੰਘ, ਬਾਬਾ ਸ਼ਾਮ ਸਿੰਘ ਅਟਾਰੀ, ਬਾਬਾ ਸੁੱਚਾ ਸਿੰਘ ਨਾਨਕਸਰ ਫਿਰੋਜ਼ਪੁਰ, ਬਾਬਾ ਸੰਤੋਖ ਸਿੰਘ ਡੇਰਾ ਭਾਈ ਦਿਆਲਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਜੋਰਾ ਸਿੰਘ ਬੰਧਨੀ ਕਲਾਂ, ਬਾਬਾ ਤੇਜਾ ਸਿੰਘ ਪ੍ਰਧਾਨ ਨਿਰਮਲ ਮੰਡਲ, ਬਾਬਾ ਗੁਰਬਚਨ ਸਿੰਘ ਪੰਨਵਾਂ, ਬਾਬਾ ਸੁਖਵੰਤ ਸਿੰਘ, ਬਾਬਾ ਕੁਲਵੰਤ ਸਿੰਘ, ਜਥੇਦਾਰ ਬਾਬਾ ਪ੍ਰਗਟ ਸਿੰਘ ਤਰਨਾ ਦਲ ਫਿਰੋਜ਼ਪੁਰ, ਬਾਬਾ ਹਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਡਾ. ਗੁਰਿੰਦਰ ਸਿੰਘ ਰੰਗਰੇਟਾ ਲੁਧਿਆਣਾ, ਬਾਬਾ ਤ੍ਰਿਲੋਕ ਸਿੰਘ ਖਿਆਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੱਜਣ ਸਿੰਘ ਬੇਰ ਸਾਹਿਬ, ਬਾਬਾ ਬਲਬੀਰ ਸਿੰਘ ਟਿੱਬੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ, ਬਾਬਾ ਹਰਚੰਦ ਸਿੰਘ ਖੋਜਾ ਕਲਾ, ਬਾਬਾ ਗੁਰਨਾਮ ਸਿੰਘ ਪਟਨਾ, ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਅਖੰਡ ਕੀਰਤਨੀ ਜਥੇ ਵੱਲੋਂ ਭਾਈ ਨਿਰਮਲਬੀਰ ਸਿੰਘ, ਬਾਬਾ ਅਮਰੀਕ ਸਿੰਘ ਗੁਰੂ ਕਾ ਤਾਲ ਆਗਰਾ, ਬਾਬਾ ਸੁਰਜੀਤ ਸਿੰਘ ਨਿਰਮਲ ਕੁਟੀਆਂ ਲੋਹੀਆ, ਬੀਬੀ ਰਣਜੀਤ ਕੌਰ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਕਰਮਜੀਤ ਸਿੰਘ ਮਿੱਠਾ ਟਿਵਾਣਾ, ਬਾਬਾ ਤੇਜਾ ਸਿੰਘ ਖੁੱਡੀ ਕਲਾਂ, ਬਾਬਾ ਬੂਟਾ ਸਿੰਘ ਖਿਆਲਾ ਖੁਰਦ, ਬਾਬਾ ਭਰਪੂਰ ਸਿੰਘ ਸ਼ੇਖਾਂ ਬਰਨਾਲਾ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਕਰਮ ਸਿੰਘ, ਸ. ਕੁਲਬੀਰ ਸਿੰਘ ਉੜੀਸਾ ਜੋਤੀਸਰ, ਬਾਬਾ ਚਤਰ ਸਿੰਘ ਢਾਬਸਰ, ਬਾਬਾ ਮੇਜਰ ਸਿੰਘ ਵਾਂ, ਬਾਬਾ ਜੀਵਨ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾਦਲ, ਬਾਬਾ ਲਾਲ ਸਿੰਘ ਮਾਲਵਾ ਤਰਨਾਦਲ, ਬਾਬਾ ਨੌਨਿਹਾਲ ਸਿੰਘ, ਬਾਬਾ ਸੁਰਜੀਤ ਸਿੰਘ ਕੈਰੋਂ, ਬਾਬਾ ਰਣਜੀਤ ਸਿੰਘ ਗੋਨੇਆਨਾ, ਬਬਾ ਮਹਿੰਦਰਪਾਲ ਪੰਡਵਾ, ਬਾਬਾ ਦੇਸ ਰਾਜ, ਬਾਬਾ ਨਿਰਮਲ ਦਾਸ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਖੜਕ ਸਿੰਘ, ਮਿਸਲ ਬਗੇਲ ਸਿੰਘ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਗੁਰਮੀਤ ਸਿੰਘ ਤਰਨਾਦਲ ਅਨੰਦਪੁਰ ਸਾਹਿਬ, ਬਾਬਾ ਮੋਹਣ ਸਿੰਘ ਅਨੰਦਪੁਰ ਸਾਹਿਬ, ਬਾਬਾ ਅਮਰ ਸਿੰਘ, ਬਾਬਾ ਦਰਸ਼ਰਨ ਸਿੰਘ ਖਜ਼ਾਨਾ ਗੇਟ, ਬਾਬਾ ਹੀਰਾ ਸਿੰਘ ਬਹਿਣੀਵਾਲ, ਬਾਬਾ ਤਰਸੇਮ ਸਿੰਘ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਗੋਰਾ ਸਿੰਘ ਬੁਗਰਾਂ ਵਾਲੇ, ਬਾਬਾ ਹਰਬੇਅੰਤ ਸਿੰਘ ਸਮਤੂਆਣਾ, ਬਾਬਾ ਇੰਦਰਜੀਤ ਸਿੰਘ ਰਤੀਏ ਵਾਲੇ, ਬਾਬਾ ਸੁਖਦੇਵ ਸਿੰਘ ਸਿਧਾਣੇ ਵਾਲੇ, ਬਾਬਾ ਅਵਤਾਰ ਸਿੰਘ ਪੌਣਾ ਵਾਲੇ, ਭਾਈ ਅਮਨਦੀਪ ਸਿੰਘ ਬੀਬੀ ਕੌਲਾਂ, ਸ. ਨਿਰਮਲ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਬਾਬਾ ਗੁਰਮੇਜ ਸਿੰਘ ਸੁਬਾਜ਼ਪੁਰ, ਬਾਬਾ ਬਲਦੇਵ ਸਿੰਘ ਬੱਲਾ, ਸ. ਇਕਬਾਲ ਸਿੰਘ ਭੱਟੀ ਐਨ.ਆਰ.ਆਈ. ਫਰਾਂਸ, ਪ੍ਰਿੰ: ਸੂਬਾ ਸਿੰਘ ਪ੍ਰਧਾਨ ਸਿੱਖ ਬੁੱਧੀਜੀਵੀ ਕੌਂਸਲ ਆਦਿ ਮੌਜੂਦ ਸਨ।

 

Comments are closed.

 
 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 3D Virtual Tour

3D View Address
Shiromani Gurdwara Parbandhak Committee,
Teja Singh Samundri Hall, Sri Harmandir Sahib Complex, Sri Amritsar. EPBX No. (0183-2553957-58-59) info@sgpc.net

S.G.P.C. Officials (Full List)
 
 

ਸੰਪਰਕ / Contacts

ਬੀਬੀ ਜਗੀਰ ਕੌਰ ਜੀ, ਪ੍ਰਧਾਨ                                                       Bibi Jagir Kaur Ji, President, S.G.P.C.
+91-183-2553950 (O) email :- president@sgpc.net           info@sgpc.net

ਸ. ਹਰਜਿੰਦਰ ਸਿੰਘ ਐਡਵੋਕੇਟ, ਮੁੱਖ ਸਕੱਤਰ                                    S. Harjinder Singh Advocate, Chief Secretary, S.G.P.C.
+91-183-2543461 (O)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਤੇਜਾ ਸਿੰਘ ਸਮੁੰਦਰੀ ਹਾਲ,
ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ, ਸ੍ਰੀ ਅੰਮ੍ਰਿਤਸਰ ।