ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਨਰਿੰਦਰ ਮੋਦੀ, ਸ੍ਰੀ ਅਮਿਤ ਸ਼ਾਹ ਤੇ ਬੀਬਾ ਹਰਸਿਮਰਤ ਕੌਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 10 ਸਤੰਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਹੁਣ ਭਾਰਤ ਦੇ ਨਾਲ-ਨਾਲ ਹੋਰਨਾਂ ਦੇਸ਼ਾਂ ਤੋਂ ਵੀ ਸੰਗਤਾਂ ਸ਼ਰਧਾ ਨਾਲ ਸਿੱਧੀ ਮਾਇਆ ਭੇਜ ਸਕਣਗੀਆਂ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਤੋਂ ਇਸ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਸੀ, ਜਿਸ ਦੇ ਚੱਲਦਿਆਂ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਐਫ.ਸੀ.ਆਰ.ਏ. (ਫਾਰੇਨ ਕੰਟ੍ਰੀਬਿਊਸ਼ਨ ਰੈਗੂਲੇਸ਼ਨ ਐਕਟ) ਤਹਿਤ ਰਜਿਸਟ੍ਰੇਸ਼ਨ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਦੀਆਂ ਸੰਗਤਾਂ ਦੀ ਚਿਰਾਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮਾਇਆ ਭੇਟ ਕਰਨ ਵਾਲੀਆਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਖਾਤੇ ਸਬੰਧੀ ਜਾਣਕਾਰੀ ਵੈੱਬਸਾਈਟ ’ਤੇ ਉਪਲੱਬਧ ਹੋਵੇਗੀ, ਜਿਸ ਅਨੁਸਾਰ ਮਾਇਆ ਭੇਜੀ ਜਾ ਸਕਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ ਆਦਿ ਮੌਜੂਦ ਸਨ।

ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੋਲ੍ਹੇ -ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਪਾਸੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਹੈ ਕਿ ਭਾਵੇਂ ਇਹ ਲਾਂਘਾ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤਾਂ ਕਰਕੇ ਬੰਦ ਹੋਇਆ ਸੀ, ਪਰੰਤੂ ਹੁਣ ਜਦੋਂ ਸਰਕਾਰ ਵੱਲੋਂ ਸਾਵਧਾਨੀਆਂ ਤਹਿਤ ਕਾਫ਼ੀ ਛੋਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਸੰਗਤ ਲਈ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਚਾਹੁੰਦੀਆਂ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਲਾਂਘੇ ਨੂੰ ਮੁੜ ਬਹਾਲ ਕੀਤਾ ਜਾਵੇ, ਤਾਂ ਜੋ ਉਹ ਆਪਣੀ ਸ਼ਰਧਾ ਪ੍ਰਗਟਾਅ ਸਕਣ। ਭਾਈ ਲੌਂਗੋਵਾਲ ਨੇ ਕਿਹਾ  ਕਿ ਇਸ ਸਬੰਧ ਵਿਚ ਪਾਕਿਸਤਾਨ ਸਰਕਾਰ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਹੈ ਅਤੇ ਭਾਰਤ ਸਰਕਾਰ ਨੂੰ ਵੀ ਇਸ ਬਾਰੇ ਜਲਦ ਫੈਸਲਾ ਲੈਣਾ ਚਾਹੀਦਾ ਹੈ।