ਅੰਮ੍ਰਿਤਸਰ, 19 ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ‘ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। ਇਥੇ ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਆਰੰਭਤਾ ਸਮੇਂ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਪੁੱਜੀਆਂ ਹੋਈਆਂ ਸਨ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸ੍ਰੀ ਸੰਤੋਸ਼ ਗੰਗਵਾਰ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। ਇਸ ਤੋਂ ਪਹਿਲਾਂ ਬੀਤੀ ਰਾਤ ਬਰੇਲੀ ਪਹੁੰਚਣ ‘ਤੇ ਨਗਰ ਕੀਰਤਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਹੋਇਆ। ਇਥੇ ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ। ਦੇਰ ਰਾਤ ਤੱਕ ਸੰਗਤਾਂ ਸ਼ਰਧਾ ਨਾਲ ਨਗਰ ਕੀਰਤਨ ਦੀ ਉਡੀਕ ਕਰਦੀਆਂ ਰਹੀਆਂ। ਸੰਗਤ ਵੱਲੋਂ ਜਿਥੇ ਨਗਰ ਕੀਰਤਨ ਦੇ ਸਤਿਕਾਰ ਲਈ ਫੁੱਲਾਂ ਦੀ ਵਰਖਾ ਕੀਤੀ ਗਈ ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਭੇਟ ਕੀਤੇ ਗਏ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਵਾਲੀ ਬੱਸ ‘ਚ ਸੁਸ਼ੋਭਿਤ ਇਤਿਹਾਸਕ ਸ਼ਸਤਰਾਂ ਬਸਤਰਾਂ ‘ਤੇ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਨੇ ਵਿਸ਼ੇਸ਼ ਰੁਚੀ ਦਿਖਾਈ। ਬਰੇਲੀ ਤੋਂ ਅੱਗੇ ਰਵਾਨਗੀ ਸਮੇਂ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਗੁਰਦਿਆਲ ਸਿੰਘ, ਸੁਪਰਵਾਈਜ਼ਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਯੂ.ਪੀ. ਸਿੱਖ ਮਿਸ਼ਨ ਹਾਪੜ, ਸ. ਮਹਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਸ. ਗੁਰਚਰਨ ਸਿੰਘ ਲਵਲੀ ਸੈਕਟਰੀ, ਸ. ਦਲਜੀਤ ਸਿੰਘ, ਸ. ਜਸਬੀਰ ਸਿੰਘ, ਸ. ਮਨਮੋਹਨ ਸਿੰਘ ਬਖ਼ਸ਼ੀ, ਸ. ਗੁਰਦੀਪ ਸਿੰਘ, ਸ. ਗੁਰਮੀਤ ਸਿੰਘ, ਸ. ਜਗਜੀਤ ਸਿੰਘ ਨੰਦਾ, ਬਾਬਾ ਰੇਸ਼ਮ ਸਿੰਘ ਕਾਰਸੇਵਾ ਵਾਲੇ, ਸ. ਸੁਰਿੰਦਰ ਸਿੰਘ ਛਾਬੜਾ, ਸ. ਰਵਿੰਦਰਪਾਲ ਸਿੰਘ, ਸ. ਸਤਨਾਮ ਸਿੰਘ, ਸ. ਪਰਮਜੀਤ ਸਿੰਘ ਓਬਰਾਏ, ਸ. ਹਰਵਿੰਦਰ ਸਿੰਘ ਪੁਲਿਸ ਅਧਿਕਾਰੀ, ਭਾਈ ਸਤਵੰਤ ਸਿੰਘ ਪ੍ਰਚਾਰਕ, ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਸੁਰਜੀਤ ਸਿੰਘ ਗ੍ਰੰਥੀ, ਭਾਈ ਗਗਨਦੀਪ ਸਿੰਘ ਪ੍ਰਚਾਰਕ ਆਦਿ ਸ਼ਾਮਲ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਨਗਰ ਕੀਰਤਨ ਦੇ ਕੋਆਰਡੀਨੇਟਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਭਲਕੇ ੨੦ ਅਗਸਤ ਨੂੰ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਗੁਰਦੁਆਰਾ ਨਾਨਕਸਰ ਸਾਹਿਬ ਆਚੋਲੀਆ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਿਫਟਾਂ ਵਿਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ ੮੦ ਮੈਂਬਰੀ ਜਥਾ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਰਵਾਨਾ ਕਰਨ ਸਮੇਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਦੱਸ ਦਿਨ ਬਾਅਦ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਅੱਜ ੮੦ ਮੁਲਾਜ਼ਮ ਭੇਜੇ ਗਏ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਵਾਈਜ਼ਰ ਸ. ਅਜੀਤ ਸਿੰਘ ਆਦਿ ਮੌਜੂਦ ਸਨ।