ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤ ਵੱਲੋਂ ਭਰਵਾਂ ਸਵਾਗਤ


ਅੰਮ੍ਰਿਤਸਰ, ੨੧ ਅਗਸਤ- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਤਰਨ ਕੀਤਾ ਗਿਆ, ਉਪਰੰਤ ਭਾਈ ਪ੍ਰਣਾਮ ਸਿੰਘ ਦੁਆਰਾ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਲਖਨਊ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਲਖਨਊ ਦੀ ਮੇਅਰ ਸ੍ਰੀਮਤੀ ਸੰਯੁਕਤਾ ਭਾਟੀਆ, ਸ. ਸੁਖਦਰਸ਼ਨ ਸਿੰਘ ਬੇਦੀ ਮੈਂਬਰ ਘੱਟਗਿਣਤੀ ਕਮਿਸ਼ਨ ਯੂ.ਪੀ., ਸ. ਇਕਬਾਲ ਸਿੰਘ ਵਾਈਸ ਪ੍ਰਧਾਨ ਪੰਜਾਬੀ ਅਕੈਡਮੀ ਯੂ.ਪੀ., ਬੀਬੀ ਰਾਣਾ ਪਰਮਜੀਤ ਕੌਰ, ਡਾ. ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ, ਸ. ਰਾਜਿੰਦਰ ਸਿੰਘ ਬੱਗਾ, ਸ. ਹਰਪਾਲ ਸਿੰਘ ਜੱਗੀ, ਸ. ਹਰਵਿੰਦਰ ਸਿੰਘ, ਸ. ਜੋਗਿੰਦਰ ਸਿੰਘ, ਸ. ਸੁਰਜੀਤ ਸਿੰਘ, ਸ. ਹਰਪਾਲ ਸਿੰਘ ਇੰਦਰ ਨਗਰ, ਸ. ਮਨਜੀਤ ਸਿੰਘ, ਸ. ਸਰਬਜੀਤ ਸਿੰਘ, ਸ. ਨਿਰਮਲ ਸਿੰਘ ਸਲਾਮਤ, ਸ. ਤੇਜਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਸਥਾਨਕ ਪੁਲਿਸ ਨੇ ਵੀ ਸਲਾਮੀ ਦੇ ਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ।
ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਲਖਨਊ ਪਹੁੰਚਣ ਸਮੇਂ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। ਦੱਸਣਯੋਗ ਹੈ ਕਿ ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ‘ਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਗਰ ਕੀਰਤਨ ਨਾਲ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਸ. ਗੁਰਦਿਆਲ ਸਿੰਘ ਤੇ ਸ. ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਯੂ.ਪੀ. ਸਿੱਖ ਮਿਸ਼ਨ ਹਾਪੜ, ਸੁਪਰਵਾਈਜ਼ਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਸ. ਜਗਜੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ। ਨਗਰ ਕੀਰਤਨ ਭਲਕੇ ੨੨ ਅਗਸਤ ਨੂੰ ਕਾਨ੍ਹਪੁਰ ਤੋਂ ਇਲਾਹਾਬਾਦ ਯੂ.ਪੀ. ਲਈ ਰਵਾਨਾ ਹੋਵੇਗਾ।