ਭਾਈ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਮੁਫ਼ਤ ਇਲਾਜ਼ ਤੇ ਲੰਗਰ ਸੇਵਾਵਾਂ ਜਾਰੀ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਅਧਿਕਾਰੀਆਂ ਨੇ ਜ਼ਖ਼ਮੀਆਂ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਨੇ ਸਰਕਾਰੀ ਹਸਪਤਾਲਾਂ ਵਿਚ ਮਦਦ ਲਈ ਭੇਜੇ ਡਾਕਟਰ

ਹਾਦਸੇ ਦੇ ਮ੍ਰਿਤਕਾਂ ਤੇ ਜ਼ਖ਼ਮੀਆਂ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਲਕੇ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ

ਅੰਮ੍ਰਿਤਸਰ, 20 ਅਕਤੂਬਰ-
ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਜੌੜਾ ਫਾਟਕ ਨਜ਼ਦੀਕ ਵਾਪਰੇ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁਖ ਦੀ ਘੜੀ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬਧ ਵੀ ਹੈ।
ਉਨ੍ਹਾਂ ਦੱਸਿਆ ਕਿ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 21 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 23 ਅਕਤੂਬਰ ਨੂੰ ਪੈਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਪ੍ਰਬੰਧ ਕੀਤਾ ਗਿਆ ਹੈ ਅਤੇ ਜਿਹੜੇ ਜ਼ਖ਼ਮੀ ਇਸ ਹਸਪਤਾਲ ਵਿਚ ਦਾਖ਼ਲ ਹੋਏ ਹਨ, ਉਨ੍ਹਾਂ ਦਾ ਇਲਾਜ਼ ਕਰਨ ਲਈ ਲੋੜੀਂਦਾ ਸਟਾਫ਼ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਰੇਲ ਹਾਦਸੇ ਦੇ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੂਹ ਅਦਾਰੇ ਅੱਜ ਬੰਦ ਰੱਖੇ ਗਏ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਘਟਨਾ ਅਸਥਾਨ ਜੌੜਾ ਫਾਟਕ ਵਿਖੇ ਪੁੱਜ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਜਾ ਕੇ ਜ਼ੇਰੇ-ਇਲਾਜ਼ ਮਰੀਜ਼ਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਰੇਲ ਹਾਦਸੇ ਦੇ ਪੀੜਤਾਂ ਲਈ ਭਾਈ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਮੁਫ਼ਤ ਇਲਾਜ਼ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਤੋਂ ਇਲਾਵਾ ਸਿਵਲ ਹਸਪਤਾਲ ਅਤੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਗੁਰੂ ਕੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਸਰਜਨ ਵੱਲੋਂ ਕੀਤੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਅਤੇ ਪੋਸਟ ਗ੍ਰੈਜੂਏਟ ਕਰ ਰਹੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਮਦਦ ਲਈ ਸਰਕਾਰੀ ਹਸਪਤਾਲਾਂ ਵਿਖੇ ਭੇਜਿਆ ਗਿਆ ਹੈ।