ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ
ਅੰਮ੍ਰਿਤਸਰ 8 ਅਗਸਤ (  ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲਾਦੀਨਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਦੀ ਜ਼ਮੀਨ ਐਕਵਾਇਰ ਨਾ ਕਰਨ ਬਾਰੇ ਕੇਂਦਰ ਦੇ ਰੋਡ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੱਤਰ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਬਾਬਾ ਹਜ਼ਾਰਾ ਸਿੰਘ ਅਤੇ ਬਾਬਾ ਹੁਕਮ ਸਿੰਘ ਵਾਕਿਆ ਪਿੰਡ ਅਲਾਦੀਨਪੁਰ, ਜ਼ਿਲ੍ਹਾ ਤਰਨਤਾਰਨ ਦੀ ਜ਼ਮੀਨ ਜਿਸ ਦਾ ਖਤੌਨੀ ਨੰਬਰ ੩੮੮ ਤੇ ਖਸਰਾ ਨੰਬਰ ੩੨//੮/੨ ਹੈ ਦੇ ਰਕਬਾ ੧ ਕਨਾਲ ੧੬ ਮਰਲੇ ਜ਼ਮੀਨ ਵਿਚੋਂ ਨੈਸ਼ਨਲ ਹਾਈਵੇ-੧੫ ਨੂੰ ਚੌੜਾ ਕਰਨ ਵਾਸਤੇ ਐਕਵਾਇਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਯਾਦ ਵਿੱਚ ਬਣਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ (ਅਕਾਲੀ ਲਹਿਰ) ਦੀ ਸਫਲਤਾ ਤੇ ਮਹਾਤਮਾ ਗਾਂਧੀ ਨੇ ਕਿਹਾ ਸੀ ਕਿ ਆਜ਼ਾਦੀ ਦੀ ਪਹਿਲੀ ਲੜਾਈ ਜਿੱਤੀ ਗਈ ਹੈ।ਉਨ੍ਹਾਂ ਪੱਤਰ ਵਿੱਚ ਕਿਹਾ ਕਿ ਇਹ ਵੀ ਦੱਸਣਯੋਗ ਹੈ ਕਿ ਇਹ ਗੁਰਦੁਆਰਾ ਸਾਹਿਬ ਬਿਲਕੁਲ ਸੜਕ ਦੇ ਉਪਰ ਸੁਸ਼ੋਭਿਤ ਹੈ ਅਤੇ ਉਪਰੋਕਤ ਜ਼ਮੀਨ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਧਾਰਮਿਕ ਅਸਥਾਨ ਵਿੱਚ ਬਹੁਤ ਸ਼ਰਧਾ ਹੈ।ਉਨ੍ਹਾਂ ਕਿਹਾ ਕਿ ਸੜਕ ਚੌੜੀ ਕਰਨ ਸਮੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਸੜਕ ਵਿੱਚ ਆਉਣ ਕਰਕੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਜਥੇਦਾਰ ਅਵਤਾਰ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਹ ਵੀ ਦੱਸਣਾ ਬਹੁਤ ਜ਼ਰੂਰੀ ਹੈ ਕਿ ਬ੍ਰਿਟਿਸ਼ ਰਾਜ ਸਮੇਂ ਗੁਰਦੁਆਰਾ ਰਕਾਬਗੰਜ ਸਾਹਿਬ ਦੀ ਦੀਵਾਰ ਨੂੰ ਢਾਹਿਆ ਗਿਆ ਸੀ ਜਿਸ ਤੇ ਸੰਗਤਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਤੇ ਸਰਕਾਰ ਵੱਲੋਂ ਕਿਸੇ ਹੋਰ ਸਥਾਨ ਦੀ ਥਾਂ ਮੁੜ ਇਥੇ ਹੀ ਗੁਰਦੁਆਰਾ ਸਾਹਿਬ ਦੀ ਦੀਵਾਰ ਨੂੰ ਬਣਾਇਆ ਗਿਆ ਸੀ।ਇਸ ਲਈ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜਰ ਰੱਖਦਿਆਂ ਇਤਿਹਾਸਕ ਗੁਰਦੁਆਰਾ ਸਾਹਿਬ ਦਾ ਰਕਬਾ ਐਕਵਾਇਰ ਹੋਣ ਤੋਂ ਰੋਕਣ ਅਤੇ ਸੜਕ ਦੀ ਸੇਧ ਬਦਲੇ ਜਾਣ ਬਾਰੇ ਸਬੰਧਤ ਅਫਸਰਾਂ/ਮਹਿਕਮਿਆਂ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇ।