ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਕਰਨ ਵਾਲੇ ਲੋਕ ਜਾਣਬੁਝ ਕੇ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਭੱਟੀਵਾਲ ਕਲਾਂ ਦੀ ਘਟਨਾ ਖੇਤਾਂ ਅੰਦਰ ਬਣੀਆ ਸਮਾਧਾਂ ’ਤੇ ਰੱਖੇ ਗਏ ਗੁਟਕਾ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਹੈ। ਸੁਨਸਾਨ ਜਗ੍ਹਾ ਜਿਥੇ ਮਰਯਾਦਾ ਦਾ ਕੋਈ ਪ੍ਰਬੰਧ ਨਹੀਂ, ਉਥੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਰੱਖਣੇ ਵੱਡੀ ਕੁਤਾਹੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਾਵਨ ਗੁਰਬਾਣੀ ਦਾ ਸਤਿਕਾਰ ਬਣਾਈ ਰੱਖਣ ਲਈ ਅਜਿਹੀਆਂ ਗਲਤੀਆਂ ਨਾ ਕਰਨ। ਉਨ੍ਹਾਂ ਕਿਹਾ ਕਿ ਜਦੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁਜਦੀ ਹੈ। ਇਸ ਲਈ ਸੰਗਤ ਸੁਚੇਤ ਰੂਪ ਵਿਚ ਆਪਣੀ ਜ਼ੁੰਮੇਵਾਰੀ ਸਮਝੇ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਣ।