ਅੰਮ੍ਰਿਤਸਰ, 22 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਲੁਧਿਆਣਾ ਨਿਵਾਸੀ ਐਡਵੋਕੇਟ ਹਰਪ੍ਰੀਤ ਸਿੰਘ ਵਲੋਂ ਤਿਆਰ ਕੀਤਾ ਟੇਬਲ ਕੈਲੰਡਰ ਜਾਰੀ ਕੀਤਾ। ਇਸ ਕੈਲੰਡਰ ਵਿਚ ਸਿੱਖ ਚਿੰਨ੍ਹਾਂ ਦੀਆਂ ਤਸਵੀਰਾਂ ਸ਼ਾਮਲ ਹਨ, ਜਿਨ੍ਹਾਂ ਵਿਚ ਨਿਸ਼ਾਨ ਸਾਹਿਬ, ਨਗਾਰਾ, ਪਾਲਕੀ ਸਾਹਿਬ, ਰੁਮਾਲੇ ਅਤੇ ਚੰਦੋਆ ਸਾਹਿਬ, ਚੌਰ ਸਾਹਿਬ, ਖੰਡਾ ਆਦਿ ਵਿਸ਼ੇਸ਼ ਹਨ। ੧੨ ਮਹੀਨੀਆਂ ਦੇ ਨਾਲ ਇੱਕ-ਇੱਕ ਤਸਵੀਰ ਦਿੱਤੀ ਗਈ ਹੈ ਅਤੇ ਨਾਲ ਹੀ ਉਸ ਤਸਵੀਰ ਦੇ ਸਬੰਧ ਵਿਚ ਸੰਖੇਪ ਜਾਣਕਾਰੀ ਦਰਜ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐਡਵੋਕੇਟ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ ਉਪਰਾਲ ਨੌਜਵਾਨੀ ਨੂੰ ਸੇਧ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖ ਚਿੰਨ੍ਹਾਂ ਦੀਆਂ ਤਸਵੀਰਾਂ ਨੂੰ ਵਰਤ ਕੇ ਕੈਲੰਡਰ ਤਿਆਰ ਕਰਨਾ ਇੱਕ ਚੰਗੀ ਭਾਵਨਾ ਹੈ, ਜਿਸ ਲਈ ਉਹ ਪ੍ਰਸੰਸਾ ਦੇ ਹੱਕਦਾਰ ਹਨ। ਇਸ ਦੌਰਾਨ ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਨਾਲ ਉਹ ਇਹ ਕਾਰਜ ਕਰ ਸਕੇ ਹਨ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਗਏ ਇਸ ਕੈਲੰਡਰ ਨੂੰ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਾਰੀ ਕਰਨਾ ਉਨ੍ਹਾਂ ਲਈ ਵੱਡੇ ਮਾਣ ਵਾਲੀ ਗੱਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਦਰਸ਼ਨ ਸਿੰਘ ਪੀ.ਏ. ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਸਰਤਾਜ ਸਿੰਘ, ਸ. ਸਰਬਜੀਤ ਸਿੰਘ ਅਦਿ ਮੌਜੂਦ ਸਨ।