ਅੰਮ੍ਰਿਤਸਰ 3 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਤੇ ਮਾਛੀਵਾੜਾ ਨੇੜੇ ਪਿੰਡ ਹੇਡੋਬੇਟ ਦੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਗੁਰਬਾਣੀ ਦੇ ਗੁਟਕਿਆਂ ਨੂੰ ਪਾੜ ਕੇ ਸੁੱਟਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਦੱਸਿਆ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਦੋਸ਼ੀਆਂ ਨੂੰ ਤੁਰੰਤ ਨਕੇਲ ਪਾਵੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਕਸਬਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਤੇ ਮਾਛੀਵਾੜਾ ਨੇੜੇ ਪਿੰਡ ਹੇਡੋਬੇਟ ਜ਼ਿਲ੍ਹਾ ਲੁਧਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਬਾਹਰ ਸ਼ਰਾਰਤੀ ਅਨਸਰਾਂ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਗੁਰਬਾਣੀ ਗੁਟਕਿਆਂ ਦੀ ਬੇਅਦਬੀ ਕੀਤੀ ਗਈ ਹੈ ਜੋ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮੰਦਭਾਗੀ ਘਟਨਾਵਾਂ ਨਾਲ ਪੰਜਾਬ ਅੰਦਰ ਅਸ਼ਾਂਤੀ ਫੈਲਾਉਣ ਦੇ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਬਰਦਾਸ਼ਤਯੋਗ ਨਹੀਂ ਹਨ ਜਿਸ ਨਾਲ ਪਿੰਡਾਂ ਤੇ ਸ਼ਹਿਰਾਂ ਵਿੱਚ ਸੋਗ ਵਰਗਾ ਮਾਹੌਲ ਪੈਦਾ ਹੋਵੇ ਤੇ ਰੋਸ ਅਤੇ ਰੋਹ ਦੇ ਪ੍ਰਭਾਵ ਹੇਠ ਆਮ ਲੋਕਾਂ ਨੂੰ ਕਠਿਨਾਈਆਂ ਦਾ ਸਾਹਮਣਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਤੇ ਦੋਸ਼ੀਆਂ ਨੂੰ ਜਲਦ ਫੜਨ ਲਈ ਪੰਜਾਬ ਸਰਕਾਰ ਵੱਲੋਂ ਭਾਰਤ ਦੀ ਸਰਵਉੱਚ ਜਾਂਚ ਏਜੰਸੀ ਸੀ.ਬੀ.ਆਈ. ਨੂੰ ਕਾਰਜ ਭਾਰ ਸੌਂਪਿਆ ਗਿਆ ਹੈ ਜੋ ਪੰਜਾਬ ਨੂੰ ਮੁੜ ਲੀਹ ‘ਤੇ ਲਿਆਉਣ ਵੱਲ ਇਕ ਚੰਗਾ ਉਪਰਾਲਾ ਹੈ।
ਉਨ੍ਹਾਂ ਸਮੂਹ ਜਥੇਬੰਦੀਆਂ ਤੇ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਦੋਸ਼ੀਆਂ ਨੂੰ ਫੜਨ ਅਤੇ ਮਾਹੌਲ ਨੂੰ ਤਾਜਗੀ ‘ਚ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਕਿ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਜਾ ਸਕੇ।