ਅੰਮ੍ਰਿਤਸਰ, ੨੧ ਅਗਸਤ- ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿਖੇ ਇਤਿਹਾਸਕ ਅਸਥਾਨ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਵਿਖੇ ਲੋਕਲ ਕਮੇਟੀ ਦੇ ਮੈਂਬਰ ਵੱਲੋਂ ਕੀਤੀ ਗਈ ਬਦਇਖਲਾਕੀ ਦੀ ਘਟਨਾ ਤੋਂ ਬਾਅਦ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਬਦਲਣ ਲਈ ਵਿੱਢੇ ਗਏ ਸੰਘਰਸ਼ ਤਹਿਤ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਕਾਂਗਰਸ ਆਗੂਆਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤਹਿਤ ਪਰਚਾ ਦਰਜ ਹੋਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਚੱਲ ਰਹੇ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਪਾਠ ਕਰ ਰਹੇ ਅਖੰਡਪਾਠੀ ਸਿੰਘਾਂ ਨੂੰ ਧਮਕਾਉਣਾ ਅਤਿ ਨਿੰਦਣਣੋਗ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਖ ਮਾਨਸਿਕਤਾ ਨੂੰ ਡੂੰਘੀ ਸੱਟ ਮਾਰਨ ਵਾਲੀ ਹੈ ਅਤੇ ਇਸਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪ੍ਰੋ: ਬਡੂੰਗਰ ਨੇ ਅੱਗੇ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਸੱਤਾ ਵਿਚ ਆ ਕੇ ਸਿੱਖ ਗੁਰਧਾਮਾਂ ਤੇ ਸਿੱਖ ਧਰਮ ਦੇ ਮਾਮਲਿਆਂ ਵਿਚ ਦਖਲ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੀਆਂ ਅਜਿਹੀਆਂ ਚਾਲਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰੋ: ਬਡੂੰਗਰ ਨੇ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੌਰਾਨ ਕੀਤੀ ਗਈ ਹੁੱਲੜਬਾਜ਼ੀ ਸਬੰਧੀ ਰਿਪੋਰਟ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ ਅਤੇ ਮੀਤ ਸਕੱਤਰ ਸ. ਮਹਿੰਦਰ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ। ਇਹ ਕਮੇਟੀ ਸਮੁੱਚੇ ਹਾਲਾਤਾਂ ਨੂੰ ਵਾਚਣ ਤੋਂ ਬਾਅਦ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣੀ ਰਿਪੋਰਟ ਪੇਸ਼ ਕਰੇਗੀ।