ਅੰਮ੍ਰਿਤਸਰ, ੨੫ ਅਪ੍ਰੈਲ- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਗਏ ਜਥੇ ਵਿੱਚੋਂ ਪਾਕਿਸਤਾਨ ਰਹਿ ਗਈ ਕਿਰਨ ਬਾਲਾ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਿਰਨ ਬਾਲਾ ਮਾਮਲੇ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਵਿਚ ਅੰਤ੍ਰਿੰਗ ਮੈਂਬਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਵਿੰਦਰ ਸਿੰਘ ਚੱਕ, ਸ. ਗੁਰਤੇਜ ਸਿੰਘ ਢੱਡੇ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਦੀਨਪੁਰ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸਬ-ਕਮੇਟੀ ੨੦ ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।