ਸ਼੍ਰੋਮਣੀ ਕਮੇਟੀ ਵੱਲੋਂ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਕੀਤਾ ਜਾਵੇਗਾ ਸਨਮਾਨ

ਅੰਮ੍ਰਿਤਸਰ, 11 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼ੁਕਰਾਨੇ ਵਜੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ। ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ,  ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਹਾਜ਼ਰ ਸਨ।  ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ’ਤੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਸੰਘਰਸ਼ੀ ਕਿਸਾਨਾਂ ਦੀ ਵਾਪਸੀ ਮੌਕੇ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 13 ਦਸੰਬਰ ਨੂੰ ਸ਼ੁਕਰਾਨੇ ਲਈ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਜਾਵੇਗਾ।  ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਕਰਨਗੇ।  ਫੋਟੋ ਕੈਪਸ਼ਨ : ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ।