ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
9-07-2015ਅੰਮ੍ਰਿਤਸਰ 09 ਜੁਲਾਈ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਹਰਪਾਲ ਸਿੰਘ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੂੰ ਮਾਤਾ ਸੁੰਦਰੀ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਥਾਪ ਕੇ ਭੇਜਿਆ ਸੀ।ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦੇ ਇਤਿਹਾਸ ਵਿੱਚ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦਾ ਵਿਸ਼ੇਸ਼ ਸਥਾਨ ਹੈ, ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਹੁਤ ਦੂਰ-ਅੰਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ।ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ ਨੂੰ ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁੰਦੀ ਸੀ, ਪਰ ਭਾਈ ਮਨੀ ਸਿੰਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ।ਇਸ ‘ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਸੂਬੇ ਵੱਲੋਂ ਟੈਕਸ ਤਾਰਨ, ਇਸਲਾਮ ਕਬੂਲਣ ਜਾਂ ਫਿਰ ਮੌਤ ਲਈ ਤਿਆਰ ਹੋਣ ਦਾ ਫੁਰਮਾਨ ਸੁਣਾਇਆ।ਟੈਕਸ ਦੇਣ ਤੋਂ ਇਨਕਾਰ ਕਰਨ ਤੇ ਭਾਈ ਮਨੀ ਸਿੰਘ ਜੀ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ।
ਇਸ ਮੌਕੇ ਸ. ਰੂਪ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ‘ਜੌੜਾ’, ਸ. ਰਣਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ‘ਭੂਰਾਕੋਹਨਾ’ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਗੁਰਦੇਵ ਸਿੰਘ ਉਬੋਕੇ ਤੇ ਸ. ਗੁਰਚਰਨ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਮਬੀਰ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸ. ਪਰਮਦੀਪ ਸਿੰਘ, ਸ. ਤਜਿੰਦਰ ਸਿੰਘ ਪੱਡਾ ਤੇ ਸ. ਸਤਨਾਮ ਸਿੰਘ, ਸ. ਜਤਿੰਦਰ ਸਿੰਘ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਸਮੇਤ ਸੰਗਤਾਂ ਹਾਜ਼ਰ ਸਨ।