ਅੰਮ੍ਰਿਤਸਰ, ੨੧ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਰਾ ਚੜ੍ਹਦੀ ਕਲਾ ਦੇ ਬਾਨੀ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਕੱਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੇ ਇਕੱਤਰਤਾ ਵਿਚ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਹਰਨਾਮ ਸਿੰਘ ਦਾ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਹਿਮ ਯੋਗਦਾਨ ਰਿਹਾ ਹੈ। ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ‘ਚ ਉਨ੍ਹਾਂ ਨੇ ਪੰਥਕ ਸੰਘਰਸ਼ ਵਿਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀ ਘਾਲਣਾ ਦੇ ਮੱਦੇਨਜ਼ਰ ਉਨ੍ਹਾਂ ਦੇ ਸਪੁੱਤਰ ਅਤੇ ਰੋਜ਼ਾਨਾ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਸ. ਜਗਜੀਤ ਸਿੰਘ ਦਰਦੀ ਦੀ ਮੰਗ ‘ਤੇ ਗਿਆਨੀ ਹਰਨਾਮ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।