ਅੰਮ੍ਰਿਤਸਰ, 23 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਅਨਮੋਲ ਖਜ਼ਾਨਾ ਹੈ, ਇਥੇ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਕੌਮ ਦੀ ਚੜ੍ਹਦੀ ਕਲਾ ਲਈ ਘਾਲਣਾ ਘਾਲੀ ਹੋਵੇ। ਉਨ੍ਹਾਂ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੇ ਜੀਵਨ ਅਤੇ ਦੇਣ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਉਹ ਨਾਮ ਰਸੀਏ ਗੁਰਸਿੱਖ ਸਨ, ਜਿਨ੍ਹਾਂ ਨੇ ਸਿੱਖੀ ਪ੍ਰਚਾਰ ਲਈ ਆਪਣਾ ਸਾਰਾ ਜੀਵਨ ਲਗਾਇਆ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ ਅਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਗੁਰਮਤਿ ਰੰਗੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ। ਬੁਲਾਰਿਆਂ ਨੇ ਕਿਹਾ ਕਿ ਬਾਬਾ ਕਰਤਾਰ ਸਿੰਘ ਦਾ ਜੀਵਨ ਸੰਗਤ ਲਈ ਪ੍ਰੇਰਣਾ ਸਰੋਤ ਹੈ। ਇਸ ਮੌਕੇ ਬਾਬਾ ਕਰਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਬਾਬਾ ਕਰਤਾਰ ਸਿੰਘ ਦੇ ਸਾਥੀ ਰਹੇ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇਦਾਰ ਕਸ਼ਮੀਰ ਸਿੰਘ ਬਰਿਆਰ, ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਭਾਈ ਚਮਕੌਰ ਸਿੰਘ ਬਰਿਆਰ, ਡਾ. ਚੇਤੰਨ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਗੁਰਿੰਦਰਪਾਲ ਸਿੰਘ ਆਰਟਿਸਟ, ਭਾਈ ਜੋਗਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਗੁਰਬਖ਼ਸ਼ ਕੌਰ, ਬੀਬੀ ਮਨਜਿੰਦਰ ਕੌਰ ਆਦਿ ਮੌਜੂਦ ਸਨ।