j-avtar-singhਅੰਮ੍ਰਿਤਸਰ ੨੨ ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾਊਨਟਾਊਨ ਟੋਰਾਂਟੋ ਦੇ ਯੰਗ ਡੰਡਾਸ ਸੁਕੇਅਰ ਨੇੜੇ ਘੁੰਮ ਰਹੇ ਸਿੱਖ ‘ਤੇ ਇਕ ਵਿਅਕਤੀ ਵੱਲੋਂ ਹਮਲਾ ਕਰਕੇ ਉਸ ਦੀ ਦਸਤਾਰ ਫਾੜਣ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀ ਵਿਅਕਤੀ ਖਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਵਿਦੇਸ਼ਾਂ ਦੀਆਂ ਸਰਕਾਰਾਂ ਸਿੱਖਾਂ ਨੂੰ ਹਰ ਥਾਂ ਪੁਰ ਕਕਾਰ ਪਹਿਨਣ ਤੇ ਦਸਤਾਰ ਸਜਾਉਣ ਦੀ ਇਜਾਜਤ ਦੇ ਰਹੀਆਂ ਹਨ ਤੇ ਦੂਸਰੇ ਪਾਸੇ ਕੁਝ ਸ਼ਰਾਰਤੀ ਅਨਸਰ ਜਿਨ੍ਹਾਂ ਦਾ ਕੋਈ ਧਰਮ ਨਹੀਂ ਹੁੰਦਾ ਉਹ ਨਕਸਲੀ ਵਿਤਕਰੇ ਦਾ ਬੀਜ ਬੋ ਰਹੇ ਹਨ।ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਵੱਲੋਂ ਸਾਬਤ ਸੂਰਤ ਸਿੱਖ ਨੂੰ ਦਸਤਾਰ ਬਖਸ਼ਿਸ਼ ਕੀਤੀ ਗਈ ਹੈ ਜਿਸ ਦੀ ਬੇਅਦਬੀ ਬਹੁਤ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਿੱਖ ਅਮਨ ਪਸੰਦ ਕੌਮ ਹੈ।ਸਿੱਖ ਗੁਰੂ ਸਾਹਿਬਾਨ ਨੇ ਹਮੇਸ਼ਾਂ ਹੀ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ।ਸਿੱਖ ਧਰਮ ਵਿੱਚ ਕਿਸੇ ਨਾਲ ਵਿਤਕਰਾ ਨਹੀਂ ਕੀਤਾ ਜਾਂਦਾ ਤੇ ਨਾ ਹੀ ਧਰਮ, ਜਾਤ ਅਤੇ ਨਸਲ ਦਾ ਭਿੰਨ ਭੇਦ ਹੁੰਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿੱਚ ਗਏ ਹਨ ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ, ਪਰ ਅਫਸੋਸ ਕਿ ਅਜੇ ਵੀ ਗਲਤ ਪਹਿਚਾਣ ਕਰਕੇ ਸਿੱਖਾਂ ‘ਤੇ ਨਸਲੀ ਹਮਲੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਗ੍ਰਿਫਤਾਰ ਕੀਤੇ ਗਏ ਰੌਬਿਨ ਕੈਲੀ ਸਕਾਨੀ ਨਾਮਕ ਵਿਅਕਤੀ ਨੂੰ ਅਦਾਲਤ ਵੱਲੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।ਉਨ੍ਹਾਂ ਕੈਨੇਡਾ ਦੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨ ਤਾਂ ਕਿ ਅਜਿਹੇ ਨਸਲੀ ਹਮਲਿਆ ਨੂੰ ਠੱਲ੍ਹ ਪਾਈ ਜਾ ਸਕੇ।