ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੇ ਸਿੱਖ ਰਵਾਇਤਾਂ ਤੋਂ ਕਰਾਇਆ ਜਾਣੂ

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ

ਅੰਮ੍ਰਿਤਸਰ, 16 ਜਨਵਰੀ-
ਕੈਨੇਡਾ ਦੇ ਚੰਡੀਗੜ੍ਹ ਸਥਿਤ ਦੂਤਾਵਾਸ ਦੇ ਕੌਂਸਲ ਜਨਰਲ ਮੀਆ ਯੇਨ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਿਸਟਰ ਜੌਹਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅਕਤੂਬਰ 2018 ਵਿਚ ਚੰਡੀਗੜ੍ਹ ਵਿਖੇ ਕੈਨੇਡਾ ਦੇ ਦੂਤਾਵਾਸ ਵਿਚ ਕੌਂਸਲ ਜਨਰਲ ਬਣੇ ਮੀਆ ਯੇਨ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਹਨ। ਉਨ੍ਹਾਂ ਦੀ ਇਸ ਫੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਉਨ੍ਹਾਂ ਨੂੰ ਜੀ-ਆਇਆਂ ਆਖਿਆ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ, ਸਿੱਖ ਰਵਾਇਤਾਂ, ਸਿੱਖ ਸਿਧਾਂਤਾਂ ਆਦਿ ਬਾਰੇ ਵਿਸਥਾਰ ਵਿਚ ਜਾਣੂ ਕਰਵਾਇਆ। ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੇ ਹਰ ਧਰਮ ਦੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਬਿਨਾ ਭੇਦ-ਭਾਵ ਦੇ ਛਕਾਏ ਜਾਂਦੇ ਲੰਗਰ ਬਾਰੇ ਵੀ ਉਨ੍ਹਾਂ ਨੂੰ ਦੱਸਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਅਧਿਆਤਮਕ ਮਹੱਤਤਾ, ਇਤਿਹਾਸ ਅਤੇ ਸਿੱਖੀ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਸਬੰਧੀ ਜਾਣਕਾਰੀ ਹਾਸਲ ਕਰਨ ਵਿਚ ਮੀਆ ਯੇਨ ਨੇ ਵਿਸ਼ੇਸ਼ ਰੁਚੀ ਦਿਖਾਈ ਅਤੇ ਆਪਣੀ ਇਸ ਯਾਤਰਾ ਨੂੰ ਯਾਦਗਾਰੀ ਦੱਸਿਆ।
ਇਸ ਦੌਰਾਨ ਮੀਆ ਯੇਨ ਨੇ ਯਾਤਰੂ ਕਿਤਾਬ ਵਿਚ ਆਪਣੀ ਭਾਵਨਾਵਾਂ ਵਿਅਕਤ ਕਰਦਿਆਂ ਲਿਖਿਆ ਕਿ ‘ਇਹ ਅਸਥਾਨ ਇਕ ਖੂਬਸੂਰਤ ਅਤੇ ਬੇਹੱਦ ਵਿਲੱਖਣ ਹੈ। ਇਹ ਸਾਰਿਆਂ ਨੂੰ ਸੇਵਾ, ਸ਼ਰਧਾ ਅਤੇ ਨਿਮਰਤਾ ਸਿਖਾਉਂਦਾ ਹੈ।’ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਮੀਆ ਯੇਨ ਤੇ ਮਿਸਟਰ ਜੌਹਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਸੂਚਨਾ ਅਧਿਕਾਰੀ ਸ. ਹਰਿੰਦਰ ਸਿੰਘ ਰੋਮੀ, ਸ. ਜਤਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।