ਅੰਮ੍ਰਿਤਸਰ, 02 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੈਨੇਡਾ ਦੇ ਐਮ.ਪੀ.ਪੀ. ਪੈਟਰਿਕ ਬਰਾਊਨ ਜੋ ਓਨਟਾਰੀਓ (ਕੈਨੇਡਾ) ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਹਨ, ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਾਂਝੇ ਤੌਰ ‘ਤੇ ਦਿੱਤਾ। ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੀ ਭਾਰਤ ਫੇਰੀ ਦੌਰਾਨ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨੇ ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਐਮ.ਪੀ. ਪੈਟਰਿਕ ਬਰਾਊਨ ਨੂੰ ਜੀ ਆਇਆਂ ਆਖਿਆ ਉਥੇ ਹੀ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਐਡੀਸ਼ਨਲ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੇ ਸ. ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਸਰਤਾਜ ਸਿੰਘ, ਸ. ਸਰਬਜੀਤ ਸਿੰਘ, ਸ. ਭਗਵੰਤਪਾਲ ਸਿੰਘ ਸੱਚਰ, ਸ. ਸਵਿੰਦਰ ਸਿੰਘ ਕੱਥੂਨੰਗਲ ਆਦਿ ਹਾਜ਼ਰ ਸਨ।