ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

ਅੰਮ੍ਰਿਤਸਰ, ੧੦ ਅਕਤੂਬਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੁੱਧਵਾਰ ਨੂੰ ਕੈਨੇਡਾ ਸਰਕਾਰ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਨਜਰਵੇਟਿਵ ਪਾਰਟੀ ਦੇ ਮੁਖੀ ਐਂਡਰੀਓ ਸ਼ੀਰ ਨੇ ਆਪਣੀ ਪਤਨੀ ਜਿਲ ਸ਼ੀਰ ਸਮੇਤ ਮੱਥਾ ਟੇਕਿਆ। ਉਨ੍ਹਾਂ ਨਾਲ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸ੍ਰੀ ਬੌਬ ਸਰੋਆ ਤੋਂ ਇਲਾਵਾ ਰਮੋਨਾ ਸਿੰਘ, ਬੌਬ ਦੋਸਾਂਝ ਅਤੇ ਸ. ਬਿਕਰਮਜੀਤ ਸਿੰਘ ਚੱਕਾ ਅੱਲਾ ਬਖ਼ਸ਼ ਵੀ ਮੌਜੂਦ ਸਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਜੀ ਆਇਆਂ ਕਿਹਾ ਤੇ ਸਿੱਖ ਕੌਮ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਐਂਡਰੀਓ ਸ਼ੀਰ ਨੇ ਆਖਿਆ ਕਿ ਸਿੱਖ ਕੌਮ ਬਹੁਤ ਹੀ ਮਿਲਵਰਤਣ ਵਾਲੀ ਕੌਮ ਹੈ ਅਤੇ ਕੈਨੇਡਾ ਵਿਚ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ, ਜੋ ਦੇਸ਼ ਦੀ ਤਰੱਕੀ ਵਿਚ ਹਿੱਸਾ ਪਾ ਰਹੇ ਹਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦਾ ਖ਼ੂਬਸੂਰਤ ਅਸਥਾਨ ਦੱਸਿਆ ਅਤੇ ਕਿਹਾ ਕਿ ਇਥੋਂ ਸਰਬ-ਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ। ਐਂਡਰੀਓ ਸ਼ੀਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਸਵਾਗਤ ਅਤੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਚੱਕ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂੰ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ ਤੇ ਸ. ਸੁਖਬੀਰ ਸਿੰਘ ਸ. ਦਰਸ਼ਨ ਸਿੰਘ ਪੀ.ਏ., ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ. ਅਮਰਜੀਤ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।