ਭਾਰਤ ਤੋਂ ਨਿਊਜ਼ੀਲੈਂਡ ਵਾਪਸ ਨਾ ਜਾ ਸਕਣ ਵਾਲੇ ਨੌਜੁਆਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 17 ਜਨਵਰੀ-
ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਸਲੇ ਦੇ ਹੱਲ ਲਈ ਸਹਿਯੋਗ ਦੀ ਅਪੀਲ ਕੀਤੀ। ਇਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜ਼ੀਲੈਂਡ ਦੀ ਸਿੱਖ ਸੰਸਥਾ ‘ਸਿੱਖ ਸੁਪਰੀਮ ਸੁਸਾਇਟੀ ਆਕਲੈਂਡ’ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨਾਲ ਜਿਥੇ ਫੋਨ ’ਤੇ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਨ ਵਾਲੇ ਨਿਊਜ਼ੀਲੈਂਡ ਨਾਲ ਸਬੰਧਤ ਇਨ੍ਹਾਂ ਸਿੱਖ ਨੌਜੁਆਨਾਂ ਨੇ ਦੱਸਿਆ ਕਿ ਕੋਰੋਨਾ ਕਰਕੇ 800 ਦੇ ਕਰੀਬ ਪੰਜਾਬੀ ਲੋਕ ਵਾਪਸ ਨਿਊਜ਼ੀਲੈਂਡ ਨਾ ਜਾ ਸਕਣ ਕਰਕੇ ਪ੍ਰੇਸ਼ਾਨ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰਿਆਂ ਦੇ ਪਰਿਵਾਰਕ ਮੈਂਬਰ ਵੀ ਉਥੇ ਹਨ। ਕੋਰੋਨਾ ਪਾਬੰਦੀਆਂ ਕਰਕੇ ਬੀਤੇ ਕਰੀਬ 2 ਸਾਲ ਤੋਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਗਈ ਅਤੇ ਇਸ ਦੌਰਾਨ ਬਹੁਤਿਆਂ ਦੀ ਵੀਜ਼ਾ ਮਿਆਦ ਵੀ ਖ਼ਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਉਹ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਊਜ਼ੀਲੈਂਡ ਵਿਚ ਰਹਿੰਦੇ ਪਰਿਵਾਰਕ ਮੈਂਬਰ ਵੀ ਮਾਨਸਿਕ ਪੀੜਾ ਵਿੱਚੋਂ ਲੰਘ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇਨ੍ਹਾਂ ਸਿੱਖ ਨੌਜੁਆਨਾਂ ਦੀ ਗੱਲਬਾਤ ਮਗਰੋਂ ਨਿਊਜ਼ੀਲੈਂਡ ਦੀ ਵੱਡੀ ਸਿੱਖ ਸੰਸਥਾ ਵਜੋਂ ਕਾਰਜਸ਼ੀਲ ਸੁਪਰੀਮ ਸਿੱਖ ਸੁਸਾਇਟੀ ਨਾਲ ਰਾਬਤਾ ਬਣਾਉਂਦਿਆਂ ਪੀੜ੍ਹਤਾਂ ਦੀ ਮੱਦਦ ਲਈ ਕਿਹਾ। ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੂੰ ਸਿੱਖ ਸੁਪਰੀਮ ਸੁਸਾਇਟੀ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਸੰਜੀਦਾ ਹਨ ਅਤੇ ਯਤਨ ਕਰ ਰਹੇ ਹਨ ਕਿ ਭਾਰਤ ਗਏ ਇਨ੍ਹਾਂ ਨੌਜੁਆਨਾਂ ਦੀ ਜਲਦ ਵਾਪਸੀ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸੇ ਦੌਰਾਨ ਸਿੱਖ ਸੁਪਰੀਮ ਸੁਸਾਇਟੀ ਆਕਲੈਂਡ ਦੇ ਪ੍ਰਧਾਨ ਨੂੰ ਪੱਤਰ ਵੀ ਲਿਖਿਆ ਹੈ, ਜਿਸ ਵਿਚ ਸਰਕਾਰ ਨਾਲ ਰਾਬਤਾ ਬਣਾ ਕੇ ਸਿੱਖ ਨੌਜੁਆਨਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਉਣ ਲਈ ਸੁਹਿਰਦਤਾ ਨਾਲ ਯਤਨ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਮਨਜੀਤ ਸਿੰਘ ਹਰਖੋਵਾਲ ਅਤੇ ਡਾ. ਹਰਦਾਸ ਸਿੰਘ ਦੇ ਚਲਾਣੇ ’ਤੇ ਦੁਖ ਪ੍ਰਗਟਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਪੰਥ ਦੀ ਅਹਿਮ ਸ਼ਖ਼ਸੀਅਤ ਸੰਤ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲਿਆਂ ਅਤੇ ਪ੍ਰਸਿੱਧ ਸਿੱਖ ਡਾ. ਹਰਦਾਸ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਦੋਵੇਂ ਸ਼ਖ਼ਸੀਅਤਾਂ ਸਿੱਖ ਕੌਮ ਦੀਆਂ ਅਹਿਮ ਸ਼ਖ਼ਸੀਅਤਾਂ ਸਨ, ਜਿਨ੍ਹਾਂ ਦੇ ਚਲਾਣੇ ਨਾਲ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਤੋਂ ਵਰੋਸਾਏ ਬਾਬਾ ਮਨਜੀਤ ਸਿੰਘ ਹਰਖੋਵਾਲ ਵਾਲੇ ਸਿੱਖੀ ਪ੍ਰਚਾਰ ਲਈ ਨਿਰੰਤਰ ਤੱਤਪਰ ਸਨ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ। ਇਸੇ ਤਰ੍ਹਾਂ ਡਾ. ਹਰਦਾਸ ਸਿੰਘ ਨੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਵੱਡਾ ਯੋਗਦਾਨ ਪਾਇਆ ਹੈ। ਡਾ. ਹਰਦਾਸ ਸਿੰਘ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਟਰੱਸਟ ਦੇ ਮੈਂਬਰ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਮੈਡੀਕਲ ਸੇਵਾਵਾਂ ਨੂੰ ਹਮੇਸ਼ਾ ਹੀ ਬਿਹਤਰ ਦਿਸ਼ਾ ਦੇਣ ਲਈ ਸਹਿਯੋਗ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀ ਪੰਥਕ ਦੇਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।