ਅੰਮ੍ਰਿਤਸਰ, ੨ ਜੁਲਾਈ- ਡਾ. ਕੁੰਦਨ ਸਿੰਘ ਮੈਮੋਰੀਅਲ ਹੋਮਿਓਪੈਥਿਕ ਹਸਪਤਾਲ ਦੇ ਡਾ. ਵਰਿਆਮ ਸਿੰਘ ਖਹਿਰਾ ਵੱਲੋਂ ਕੋਰੋਨਾ ਦੌਰਾਨ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਜਾਗਰੂਕ ਕਰਨ ਦੀ ਸੇਵਾ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਡਾ. ਵਰਿਆਮ ਸਿੰਘ ਖਹਿਰਾ ਹੋਮਿਓਪੈਥਿਕ ਡਾਕਟਰ ਵਜੋਂ ਸੇਵਾ ਕਰ ਰਹੇ ਹਨ ਅਤੇ ਉਹ ਵਿਸ਼ੇਸ਼ ਤੌਰ ‘ਤੇ ਮਾਰੂ ਰੋਗਾਂ ਤੋਂ ਬਚਣ ਲਈ ਪ੍ਰੇਰਣਾ ਦੇ ਰਹੇ ਹਨ। ਡਾ. ਰੂਪ ਸਿੰਘ ਨੇ ਡਾ. ਖਹਿਰਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਾ ਦੇਹੀ ਦੀ ਸਾਂਭ-ਸੰਭਾਲ ਕਰਨਾ ਸਭ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਨਾਲ ਅਸੀਂ ਕਾਫੀ ਹੱਦ ਤੱਕ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸੇ ਦੌਰਾਨ ਡਾ. ਖਹਿਰਾ ਨੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਹੋਮਿਓਪੈਥਿਕ ਦਵਾਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਜਿਥੇ ਮੌਜੂਦਾ ਕੋਰੋਨਾ ਮਹਾਮਾਰੀ ਤੋਂ ਬਚਾ ਲਈ ਇਕ ਦੂਜੇ ਤੋਂ ਦੂਰੀ ਬਣਾਈ ਰੱਖਣਾ, ਮਾਸਿਕ ਦੀ ਵਰਤੋਂ ਅਤੇ ਹੱਥਾਂ ਦੀ ਸਾਫ-ਸਫਾਈ ਜ਼ਰੂਰੀ ਹੈ, ਉਥੇ ਹੀ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਦਾ ਹੋਣਾ ਵੀ ਲਾਜ਼ਮੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।