ਅੰਮ੍ਰਿਤਸਰ, 17 ਮਾਰਚ- ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਤੇਜ ਸਿੰਘ ਢੱਡੇ, ਸ. ਕੁਲਵੰਤ ਸਿੰਘ ਮੰਨਣ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਸਰਬੱਤ ਦੇ ਭਲੇ ਲਈ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਅਰਦਾਸ ਕੀਤੀ ਜਾਵੇਗੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਵਿਸ਼ਵਾਸ ਅਨੁਸਾਰ ਔਖੇ ਸਮੇਂ ਗੁਰੂ ਸਾਹਿਬ ਦਾ ਸਹਾਰਾ ਵੱਡਾ ਧਰਵਾਸ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਅਰਦਾਸ ਵਿਚ ਵੱਡੀ ਸ਼ਕਤੀ ਹੈ ਅਤੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਸੰਗਤ ਨੂੰ ਮਾਨਸਿਕ ਮਜ਼ਬੂਤੀ ਦੇ ਨਾਲ-ਨਾਲ ਚੇਤੰਨਤਾ ਪ੍ਰਾਪਤ ਹੋਵੇਗੀ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ ਬੈਠਕ
ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਲਈ ਕੀਤੇ ਵਸ਼ੇਸ਼ ਪ੍ਰਬੰਧ 
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਤੇ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮਗਰੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਲਈ ਸਾਵਧਾਨੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਭਲਾਈ ਲਈ ਸਾਂਝੇ ਯਤਨ ਕੀਤੇ ਜਾਣਗੇ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲੋਂ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੀ ਭਿਆਨਕਤਾ ਨੂੰ ਦੇਖਦਿਆਂ ਸਾਵਧਾਨੀਆਂ ’ਤੇ ਅਮਲ ਕਰੇ, ਤਾਂ ਜੋ ਇਸ ਤੋਂ ਬਚਿਆ ਜਾ ਸਕੇ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਜਿਥੇ ਪ੍ਰਵੇਸ਼ ਦੁਆਰਾ ’ਤੇ ਸੇਵਾਦਾਰਾਂ ਨੂੰ ਸੰਗਤ ਦੀ ਪ੍ਰੇਰਣਾ ਲਈ ਤਿਆਰ ਕੀਤਾ ਗਿਆ ਹੈ, ਉਥੇ ਹੀ ਅੰਦਰ ਜਾਣ ਤੋਂ ਪਹਿਲਾਂ ਸਾਬਣ ਨਾਲ ਹੱਥ ਧੋਣ ਅਤੇ ਇਕ ਦੂਸਰੇ ਤੋਂ ਫਾਸਲਾ ਬਣਾ ਕੇ ਰੱਖਣ ਦੀ ਬੇਨਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਰਕਰਮਾਂ ਅੰਦਰ ਸੰਗਤ ਨੂੰ ਸੁਚੇਤ ਕਰਨ ਲਈ ਅਨਾਊਂਸਮੈਂਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਦਰਸ਼ਨੀ ਡਿਓੜੀ ਤੋਂ ਅੱਗੇ ਸੰਗਤ ਨੂੰ ਵਾਰੀ ਸਿਰ ਭੇਜਣ ਲਈ ਵੀ ਸੇਵਾਦਾਰ ਲਗਾਏ ਗਏ ਹਨ। ਲੰਗਰ ਅਤੇ ਕੜਾਹ ਪ੍ਰਸ਼ਾਦ ਦੀ ਡਿਊਟੀ ਕਰਨ ਵਾਲੇ ਸੇਵਾਦਾਰਾਂ ਨੂੰ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸ੍ਰੀ ਗੁਰੂ ਰਾਮਦਾਸ ਹਸਪਤਾਲ ਦੇ ਸਟਾਫ਼ ਨੂੰ ਸਰਕਾਰ ਦੇ ਸਹਿਯੋਗ ਨਾਲ ਕਾਰਜਸ਼ੀਲ ਕੀਤਾ ਗਿਆ ਹੈ। ਹਰ ਦਰਵਾਜ਼ੇ ’ਤੇ ਸੈਨੇਟਾਈਜ਼ਰ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਹੀ ਇਹ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਨੁੱਖਤਾ ’ਤੇ ਖ਼ਤਰੇ ਦੇ ਮੱਦੇਨਜ਼ਰ ਸਾਡਾ ਸਾਂਝਾ ਫ਼ਰਜ਼ ਹੈ ਕਿ ਸਹਿਯੋਗੀ ਭੂਮਿਕਾ ਨਾਲ ਅੱਗੇ ਵਧੀਏ ਤਾਂ ਜੋ ਇਸ ਸੰਕਟ ਵਿੱਚੋਂ ਨਿਕਲਿਆ ਜਾ ਸਕੇ। 
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ. ਕੁਲਵੰਤ ਸਿੰਘ ਮੰਨਣ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਤੇ ਵਧੀਕ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਨਿਰਦੇਸ਼ ਦਿੱਤੇ। ਇਸ ਮੌਕੇ ਡਾ. ਏ. ਪੀ. ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਸ਼ਾਨ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਮਰਜੀਤ ਸਿੰਘ ਕੰਗ, ਮੈਨੇਜਰ ਸ. ਮੁਖਤਾਰ ਸਿੰਘ, ਸ. ਮਨਜਿੰਦਰ ਸਿੰਘ ਮੰਡ, ਸ. ਪਰਮਜੀਤ ਸਿੰਘ, ਸ. ਨਿਸ਼ਾਨ ਸਿੰਘ, ਸ. ਬਘੇਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ, ਸ. ਸੁਖਬੀਰ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਲਖਬੀਰ ਸਿੰਘ ਆਦਿ ਹਾਜ਼ਰ ਸਨ।