ਅੰਮ੍ਰਿਤਸਰ, 28 ਮਈ- ਕਸਬਾ ਹਰੀਕੇ ਪੱਤਣ ਵਿਖੇ ਕੁਝ ਲੋਕਾਂ ਵੱਲੋਂ ਇੱਕ ਅੰਮ੍ਰਿਤਧਾਰੀ ਸਿੱਖ ਬੀਬੀ ਦੇ ਕੱਕਾਰਾਂ ਦੀ ਬੇਅਦਬੀ ਕਰਨ ਅਤੇ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਔਰਤ ਨੂੰ ਜਾਤੀ ਸੂਚਕ ਮੰਦੇ ਸ਼ਬਦ ਬੋਲਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਵੀ ਲਿਖਿਆ ਹੈ। ਘਟਨਾ ਦੀ ਸਖਤ ਨਿੰਦਾ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਵਿਚ ਦੋਸ਼ ਕਥਿਤ ਤੌਰ ‘ਤੇ ਕਾਂਗਰਸ ਨਾਲ ਸਬੰਧਤ ਲੋਕਾਂ ਉੱਤੇ ਲੱਗਾ ਹੈ, ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੈਤਿਕ ਤੌਰ ‘ਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਲਈ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਕਰੇ। ਉਨ੍ਹਾਂ ਇਸ ਗੱਲ ‘ਤੇ ਹੈਰਾਨੀ ਪ੍ਰਗਟ ਕੀਤੀ ਕਿ ਲੋਕਾਂ ਨੂੰ ਇਨਸਾਫ ਦੇਣ ਵਾਲੇ ਪੁਲਿਸ ਪ੍ਰਸ਼ਾਸਨ ਨੇ ਸਿਆਸੀ ਦਬਾਅ ਹੇਠ ਉਲਟਾ ਪੀੜਤਾਂ ਖਿਲਾਫ ਹੀ ਪਰਚਾ ਕਰ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸੀ ਸ਼ਕਤੀ ਦੀ ਦੁਰਵਰਤੋਂ ਕਰ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਵਰਤਾਰਾ ਮੰਦਭਾਗਾ ਹੈ, ਜਿਸ ‘ਤੇ ਤੁਰੰਤ ਰੋਕ ਲਗਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸਖਤ ਹਦਾਇਤਾਂ ਜਾਰੀ ਕਰਨ। ਉਨ੍ਹਾਂ ਇਹ ਵੀ ਆਖਿਆ ਕਿ ਜਾਤ-ਪਾਤ ਦੇ ਨਾਂ ਤੇ ਕਿਸੇ ਨੂੰ ਨੀਵਾਂ ਦਿਖਾਉਣ ਗਲਤ ਗੱਲ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੇ ਨਾਲ ਹੈ ਅਤੇ ਕਦੀ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।