ਸਿੱਖ ਨੌਜਵਾਨੀ ਸ਼ਸਤਰ ਕਲਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਏ –ਪ੍ਰੋ: ਕਿਰਪਾਲ ਸਿੰਘ ਬਡੂੰਗਰ


ਤਲਵੰਡੀ ਸਾਬੋ (ਬਠਿੰਡਾ), ੧੪ ਅਪ੍ਰੈਲ–  ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਿਰਜਣਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸੰਯੁਕਤ ਉਪਰਾਲੇ ਨਾਲ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਮੁਕਾਬਲੇ ਕਰਵਾਏ ਗਏ। ਬੁੱਢਾ ਦਲ ਨਾਲ ਸਬੰਧਤ ਛਾਉਣੀ ਨਿਹੰਗ ਸਿੰਘਾਂ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਇਸ ਮੌਕੇ ੧੩ ਵੱਖ-ਵੱਖ ਗੱਤਕਾ ਟੀਮਾਂ ਵੱਲੋਂ ਗੱਤਕੇ ਦਾ ਪ੍ਰਦਰਸ਼ਨ ਕਰ ਕੇ ਆਪਣੀ ਯੁੱਧ ਕਲਾ ਦਾ ਪ੍ਰਗਟਾਵਾ ਕੀਤਾ ਗਿਆ। ਗੱਤਕਾ ਮੁਕਾਬਲਿਆਂ ਦੀ ਆਰੰਭਤਾ ਕਰਵਾਉਣ ਉਪਰੰਤ ਸੰਗਤ ਨੂੰ ਸੰਬੋਧਨ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨੌਜਵਾਨੀ ਨੂੰ ਸ਼ਸਤਰ ਕਲਾ ਨਾਲ ਜੋੜਨ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦਾ ਉਪਰਾਲਾ ਪ੍ਰਸ਼ੰਸਾਯੋਗ ਹਨ। ਉਨ੍ਹਾਂ ਨੌਜਵਾਨੀ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੀ ਸ਼ਸਤਰ ਕਲਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਖਾਲਸਾਈ ਵਿਰਸੇ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਉਚ ਵਿਦਿਆ ਨਾਲ ਸਬੰਧਤ ਅਦਾਰਿਆਂ ਦੀਆਂ ਖਾਲਸਾਈ ਖੇਡਾਂ ਵੀ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫਤਹਿ ਦਿਵਸ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ੧੨ ਤੇ ੧੩ ਮਈ ਨੂੰ ਇੰਟਰਨੈਸ਼ਨਲ ਗੱਤਕਾ ਉਤਸਵ ਕਰਵਾਇਆ ਜਾਵੇਗਾ। ਇਸ ਸਮੇਂ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਜੋਗਿੰਦਰ ਕੌਰ, ਮੈਂਬਰ ਸ਼੍ਰੋਮਣੀ ਕਮੇਟੀ ਸ. ਮੋਹਣ ਸਿੰਘ ਬੰਗੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਰਾਮਪਾਲ ਸਿੰਘ ਬਹਿਣੀਵਾਲਾ, ਸ. ਮਿੱਠੂ ਸਿੰਘ ਕਾਨੇਕੇ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਗੁਰਤੇਜ ਸਿੰਘ ਢੱਡੇ ਤੇ ਸ. ਸੁਖਦੇਵ ਸਿੰਘ ਬਾਠ, ਧਰਮ ਪ੍ਰਚਾਰ ਕਮੇਟੀ ਮੈਂਬਰ ਸ. ਅਵਤਾਰ ਸਿੰਘ ਵਣਵਾਲਾ ਤੇ ਸ. ਮਨਜੀਤ ਸਿੰਘ ਬਪੀਆਣਾ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਚਾਨਣ ਸਿੰਘ, ਸ. ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਮੋਹਣ ਸਿਮਘ ਬਾਰਨ ਵਾਲੇ, ਸ. ਸੁਪ੍ਰੀਤ ਸਿੰਘ ਚੀਫ ਰੈਫਰੀ, ਸ. ਹਰਦੇਵ ਸਿੰਘ ਗੱਤਕਾ ਇੰਚਾਰਜ ਤੇ ਹੋਰ ਹਾਜ਼ਰ ਸਨ।