ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਵੀ ਬਚਾਇਆ ਜਾ ਰਿਹਾ ਪੁਲਿਸ ਅਧਿਕਾਰੀ

ਅੰਮ੍ਰਿਤਸਰ, 12 ਅਗਸਤ- ਲੰਘੇ ਅਪ੍ਰੈਲ ਮਹੀਨੇ ਖੰਨਾ ਦੇ ਪੁਲਿਸ ਥਾਣੇ ਅੰਦਰ ਥਾਣੇਦਾਰ ਸਮੇਤ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਸ. ਜਗਪਾਲ ਸਿੰਘ, ਉਸ ਦੇ ਪੁੱਤਰ ਅਤੇ ਇਕ ਹੋਰ ਵਿਅਕਤੀ ਨੂੰ ਨੰਗਾ ਕਰਕੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੇ 4 ਮਹੀਨੇ ਬੀਤਣ ਮਗਰੋਂ ਵੀ ਸਬੰਧਤ ਥਾਣੇਦਾਰ ’ਤੇ ਕੋਈ ਕਾਰਵਾਈ ਨਾ ਹੋਣਾ ਮੰਦਭਾਗੀ ਗੱਲ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਥਾਣੇਦਾਰ ਸ. ਬਲਜਿੰਦਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੂੰ ਇਹ ਬਿਲਕੁਲ ਅਧਿਕਾਰ ਨਹੀਂ ਹੈ ਕਿ ਉਹ ਪੁਲਿਸ ਥਾਣਿਆਂ ਅੰਦਰ ਅਨੈਤਿਕ ਕਾਰਵਾਈਆਂ ਕਰੇ। ਕਿਸੇ ਵੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਅਣਮਨੁੱਖੀ ਵਿਹਾਰ ਕਰਨਾ ਗਲਤ ਹੈ ਅਤੇ ਅਜਿਹਾ ਕਰਨ ਕਰਕੇ ਖੰਨਾ ਥਾਣੇ ਦੇ ਤਤਕਾਲੀ ਐਸ.ਐਚ.ਓ. ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਵਾਪਰਨ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਪੱਤਰ ਲਿਖਿਆ ਸੀ, ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਕਹਿ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ 4 ਮਹੀਨੇ ਬੀਤਣ ਮਗਰੋਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਐਸ.ਆਈ.ਟੀ. ਦੀ ਰਿਪੋਰਟ ਦੇ ਅਧਾਰ ’ਤੇ ਦਰਜ ਕੀਤੇ ਗਏ ਕੇਸ ਵਿਚ ਵੀ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਐਸ.ਐਚ.ਓ. ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਸਖ਼ਤ ਸਜ਼ਾ ਲਈ ਕੋਈ ਕਾਰਵਾਈ ਕੀਤੀ ਗਈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਸਰਾਸਰ ਗਲਤ ਹੈ, ਜਿਸ ’ਤੇ ਮੁੱਖ ਮੰਤਰੀ ਨੂੰ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਕਿਉਂਕਿ ਪੀੜਤ ਵਿਅਕਤੀ ਅੰਮ੍ਰਿਤਧਾਰੀ ਗੁਰਸਿੱਖ ਹਨ ਅਤੇ ਉਨ੍ਹਾਂ ’ਤੇ ਤਸ਼ੱਦਦ ਸਮੇਂ ਜਿਥੇ ਉਨ੍ਹਾਂ ਨੂੰ ਅਲਫ਼ ਨੰਗਾ ਕੀਤਾ ਗਿਆ, ਉਥੇ ਹੀ ਉਨ੍ਹਾਂ ਦੇ ਕਕਾਰਾਂ ਦੀ ਵੀ ਤੌਹੀਨ ਕੀਤੀ ਗਈ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦੋਸ਼ੀ ਥਾਣੇਦਾਰ ਸਮੇਤ ਹੋਰਨਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਸਖ਼ਤ ਸਜ਼ਾ ਦਿਵਾਉਣ ਲਈ ਇਮਾਨਦਰਾਨਾ ਪਹੁੰਚ ਅਪਣਾਈ ਜਾਵੇ, ਨਹੀਂ ਤਾਂ ਇਸ ਮਾਮਲੇ ’ਤੇ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਦੀ ਭਾਵਨਾ ਹੋਰ ਵੀ ਪ੍ਰਬਲ ਹੋਵੇਗੀ।