੨੦ ਅਕਤੂਬਰ ਨੂੰ ਸੈਮੀਨਾਰ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜਣਗੇ

ਅੰਮ੍ਰਿਤਸਰ, 17 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੂੰ ਸਮਰਪਿਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਖਾਲਸਾ ਦਰਬਾਰ ਭੂਰਾ ਕੋਹਨਾ ਵਿਖੇ ੨੦ ਅਤੇ ੨੧ ਅਕਤੂਬਰ ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਦੇ ਸਪੁੱਤਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾਣ ਵਾਲੇ ਇਸ ਗੁਰਮਤਿ ਸਮਾਗਮ ਦੌਰਾਨ ੨੦ ਅਕਤੂਬਰ ਨੂੰ ਇੱਕ ਵਿਸ਼ਾਲ ਸੈਮੀਨਾਰ ਹੋਏਗਾ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਕਰਨਗੇ ਅਤੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਆਪਣੇ ਵਿਚਾਰ ਪੇਸ਼ ਕਰਨਗੇ। ਸ. ਭੂਰਾ ਕੋਹਨਾ ਅਨੁਸਾਰ ੨੦ ਅਕਤੂਬਰ ਦੀ ਰਾਤ ਨੂੰ ਧਾਰਮਿਕ ਦੀਵਾਨ ਸਜਣਗੇ ਜਿਸ ਵਿਚ ਪ੍ਰਸਿੱਧ ਕੀਰਤਨਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਵਿਦਵਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਅਤੇ ਪੰਥਕ ਕਵੀ ਸ. ਅਵਤਾਰ ਸਿੰਘ ਤਾਰੀ ਸੰਗਤਾਂ ਨੂੰ ਗੁਰਬਾਣੀ ਕੀਰਤਨ, ਸਿੱਖ ਇਤਿਹਾਸ ਅਤੇ ਕਥਾ ਵਿਚਾਰਾਂ ਨਾਲ ਜੋੜਨਗੇ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ੨੧ ਅਕਤੂਬਰ ਦੇ ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਅਤੇ ਢਾਡੀ ਜਥਾ ਗਿਆਨੀ ਲਖਵਿੰਦਰ ਸਿੰਘ ਸੋਹਲ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਕੇਵਲ ਸਿੰਘ, ਪ੍ਰਿੰਸੀਪਲ ਸਤਵੰਤ ਕੌਰ ਸਹਾਇਕ ਡਾਇਰੈਕਟਰ ਸਿੱਖਿਆ ਸ਼੍ਰੋਮਣੀ ਕਮੇਟੀ ਅਤੇ ਮੀਤ ਸਕੱਤਰ ਸ. ਚਾਨਣ ਸਿੰਘ ਕਾਰਜਸ਼ੀਲ ਹਨ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ।