ਭਾਈ ਲੌਂਗੋਵਾਲ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਿਆ ਫੈਸਲਾ

ਅੰਮ੍ਰਿਤਸਰ, ੨੨ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦਾ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਗਾ ਦਿੱਤਾ ਗਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਉਣਗੇ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਆਪਣੀ ਸਿਹਤ ਦਾ ਹਵਾਲਾ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਦ ਤੋਂ ਅਸਤੀਫਾ ਭੇਜ ਕੇ ਕਿਸੇ ਹੋਰ ਨੂੰ ਸੇਵਾ ਦੇਣ ਲਈ ਕਿਹਾ ਸੀ, ਜਿਸ ‘ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਦਾ ਸਰਬਸੰਮਤੀ ਨਾਲ ਅਸਤੀਫ਼ਾ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਈ ਜਥੇਦਾਰ ਲਈ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਜਲਦ ਹੀ ਸਮਾਗਮ ਰੱਖਿਆ ਜਾਵੇਗਾ। ਭਾਈ ਲੌਂਗੋਵਾਲ ਨੇ ਆਸ ਪ੍ਰਗਟ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ ਤੇ ਹੋਰ ਮੌਜੂਦ ਸਨ।

ਉੱਚ ਵਿਦਿਆ ਪ੍ਰਾਪਤ ਹਨ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਏ ਗਏ ਗਿਆਨੀ ਹਰਪ੍ਰੀਤ ਸਿੰਘ ਉੱਚ ਵਿਦਿਆ ਪ੍ਰਾਪਤ ਹਨ। ੨੧ ਅਪ੍ਰੈਲ ੨੦੧੭ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮਤਿ ਦੀ ਤਾਲੀਮ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ‘ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ’ ਤੋਂ ਤਿੰਨ ਸਾਲਾ ਕੋਰਸ ਦੌਰਾਨ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇੱਕ ਸਾਲਾ ‘ਡਿਪਲੋਮਾ ਇਨ ਡਿਵੀਨਿਟੀ’ ਪਾਸ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਵੀ ਹਾਸਲ ਕੀਤੀ ਹੋਈ ਹੈ। ਗਿਆਨੀ ਹਰਪ੍ਰੀਤ ਸਿੰਘ ੧੯੯੭ ਵਿਚ ਪ੍ਰਚਾਰਕ ਭਰਤੀ ਹੋਏ ਅਤੇ ਜੁਲਾਈ ੧੯੯੯ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਕਥਾਵਾਚਕ/ਮੁੱਖ ਗ੍ਰੰਥੀ ਬਣੇ। ੧੭ ਸਾਲ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਤੋਂ ਬਾਅਦ ੨੧ ਅਪ੍ਰੈਲ ੨੦੧੭ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ੨੨ ਅਕਤੂਬਰ ੨੦੧੮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।