ਅੰਮ੍ਰਿਤਸਰ, ੨੩ ਅਪ੍ਰੈਲ–  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿਚ ਸਥਿਤ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਨਗਰ ਨਿਗਮ ਵੱਲੋਂ ਤੋੜੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਥੋਂ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸ ਗੁਰਦੁਆਰਾ ਸਾਹਿਬ ਨੂੰ ਤੋੜਨ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਗੁਰਦੁਆਰਾ ਸਾਹਿਬ ਲਈ ਜਗ੍ਹਾ ਮੁਹੱਈਆ ਕਰਵਾਉਣੀ ਚਾਹੀਦੀ ਸੀ, ਪਰੰਤੂ ਅਜਿਹਾ ਨਾ ਕਰਕੇ ਠੀਕ ਨਹੀਂ ਕੀਤਾ ਗਿਆ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ  ਇਸ ਮਾਮਲੇ ਸਬੰਧੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਦਾ ਖਿਆਲ ਰੱਖਦਿਆਂ ਇਸ ਦਾ ਢੁੱਕਵਾਂ ਹੱਲ ਲੱਭਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਤੇ ਲੋਕਤੰਤਰਿਕ ਦੇਸ਼ ਹੈ ਜਿਸ ਕਰਕੇ ਇਥੇ ਰਹਿ ਰਹੇ ਵੱਖ-ਵੱਖ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਧਾਰਮਿਕ ਸਥਾਨਾਂ ਦਾ ਪੂਰਨ ਸਤਿਕਾਰ ਕਰਨਾ ਚਾਹੀਦਾ ਹੈ।
 ਦੱਸਣਯੋਗ ਹੈ ਕਿ ਸਮਾਰਟ ਸਿਟੀ ਦੇ ਨਾਂ ‘ਤੇ ਸ਼ਹਿਰ ਦੇ ਸੁੰਦਰੀਕਰਨ ਤਹਿਤ ਇੰਦੌਰ ਨਗਰ ਨਿਗਮ ਵੱਲੋਂ ਗੁਰਦੁਆਰਾ ਕਰਤਾਰ ਕੀਰਤਨ ਸਾਹਿਬ ਨੂੰ ਤੋੜਨ ਦੀ ਕਾਰਵਾਈ ਕੀਤੀ ਗਈ ਹੈ, ਜਿਸ ਕਾਰਨ ਸਥਾਨਕ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸੁੰਦਰੀਕਰਨ ਦੀ ਹੱਦ ਵਿਚ ਆਉਂਦੇ ਧਾਰਮਿਕ ਅਸਥਾਨਾਂ ਲਈ ਢੁੱਕਵੀਂ ਜਗ੍ਹਾ ਦੇਣ ਦਾ ਇੰਦੌਰ ਦੀ ਮੇਅਰ ਵੱਲੋਂ ਵਾਅਦਾ ਕੀਤਾ ਗਿਆ ਸੀ, ਪਰ ਅਜਿਹਾ ਨਹੀਂ ਕੀਤਾ ਗਿਆ।