ਅੰਮ੍ਰਿਤਸਰ, ੬ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲਮੋਚਨ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਵਿਖੇ ਆਯੋਜਿਤ ਕੀਤੇ ਗੁਰਮਤਿ ਸਮਾਗਮ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਪੁੱਜੇ ਹਜ਼ੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿਧਾਂਤਾਂ ਤੇ ਫਲਸਫੇ ‘ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਨਗਰ ਕੀਰਤਨ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਇਸੇ ਦੌਰਾਨ ਨਗਰ ਕੀਰਤਨ ਦੇ ਹਰਿਆਣਾ ਰਾਜ ਵਿਖੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਸਿੱਖ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਯਮੁਨਾ ਨਦੀ ਦੇ ਪੁੱਲ ਨਜ਼ਦੀਕ ਹਰਿਆਣਾ ਰਾਜ ਦੀ ਸਰਹੰਦ ”ਤੇ ਸਥਿਤ ਪਿੰਡ ਤ੍ਰਿਪਰੀ ਵਿਖੇ ਸ. ਰਘੂਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਕਿਆਮਪੁਰ, ਬੀਬੀ ਮਨਜੀਤ ਕੌਰ ਗਧੋਲਾ, ਸ. ਤੇਜਿੰਦਰਪਾਲ ਸਿੰਘ ਢਿੱਲੋਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਪੰਜ ਪਿਆਰਿਆਂ ਤੇ ਨਗਰ ਕੀਰਤਨ ਵਿਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਤੋਂ ਇਲਾਵਾ ਥਾਂ-ਥਾਂ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਸ਼ਰਧਾ ਭਾਵਨਾ ਅਤੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਗਈ। ਸਕੂਲੀ ਬੱਚਿਆਂ ਵੱਲੋਂ ਬੈਂਡ ਦੀਆਂ ਧੁੰਨਾਂ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ ਗਏ। ਇਸ ਮੌਕੇ ਸ. ਜਸਬੀਰ ਸਿੰਘ ਬੱਗਾ, ਸ. ਹਰਵਿੰਦਰ ਸਿੰਘ ਚਾਵਲਾ, ਸ. ਪ੍ਰਭਜੋਤ ਸਿੰਘ, ਸ. ਸਤਿੰਦਰ ਸਿੰਘ, ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ, ਗਿਆਨੀ ਸੁਖਦੇਵ ਸਿੰਘ ਐਮ.ਏ., ਗਿਆਨੀ ਹਰਜਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।