ਅੰਮ੍ਰਿਤਸਰ, 23 ਮਈ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਹਰਿ ਕੀ ਪੌੜੀ (ਹਰਿਦੁਆਰ) ਦੀ ਮੁੜ ਸਥਾਪਨਾ ਲਈ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ, ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਿੱਖ ਟਕਸਾਲਾਂ, ਨਿਹੰਗ ਸਿੰਘ ਦਲਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਨਿਰਮਲੇ ਅਤੇ ਉਦਾਸੀ ਸੰਪਰਦਾਵਾਂ ਦੇ ਆਗੂ ਸ਼ਾਮਲ ਹੋਣਗੇ।

ਇਥੋਂ ਜਾਰੀ ਇਕ ਬਿਆਨ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦਰਪੇਸ਼ ਇਸ ਗੰਭੀਰ ਮਸਲੇ ਦੇ ਹੱਲ ਲਈ ਸਮੁੱਚੀਆਂ ਹੀ ਪੰਥਕ ਧਿਰਾਂ ਯਤਨਸ਼ੀਲ ਹਨ ਅਤੇ ਇਸ ਸਬੰਧੀ ਅਗਲੀ ਵਿਉਂਤਬੰਦੀ ਲਈ ਅੱਜ ਹੋ ਰਹੀ ਇਕੱਤਰਤਾ ਅਹਿਮ ਹੈ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਮੁੱਚਾ ਪੰਥ ਇਕਜੁੱਟ ਹੈ ਅਤੇ ਜੋ ਵੀ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ‘ਤੇ  ਸਾਰੀਆਂ ਧਿਰਾਂ ਪਹਿਰਾ ਦੇਣਗੀਆਂ। ਉਨ੍ਹਾਂ ਇਕੱਤਰਤਾ ਵਿਚ ਵੱਧ ਤੋਂ ਵੱਧ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।