ਗੁਰਦੁਆਰਾ ਪਾਤਸ਼ਾਹੀ ਛੇਵੀਂ, ਗੋਬਿੰਦਗੜ੍ਹ (ਫਤਹਿਗੜ੍ਹ ਸਾਹਿਬ)

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਧਰਤ ‘ਤੇ ਸੁਭਾਇਮਾਨ ਹੈ, ‘ਗੁਰਦੁਆਰਾ ਪਾਤਸ਼ਾਹੀ ਛੇਵੀਂ’ ਗੋਬਿੰਦਗੜ੍ਹ। ਗੁਰੂ ਹਰਿਗੋਬਿੰਦ ਸਾਹਿਬ ਮਾਲਵੇ ਪ੍ਰਚਾਰ ਫੇਰੀ ਸਮੇਂ ਇਥੇ ਕੁਝ ਚਿਰ ਬਿਰਾਜੇ ਸਨ। ਪ੍ਰੇਮੀ ਗੁਰਸਿੱਖਾਂ ਨੇ ਗੁਰੂ ਜੀ ਦੀ ਯਾਦ ਵਿਚ ਛੋਟੀ ਜਿਹੀ ਯਾਦਗਾਰ ਬਣਾ ਲਈ। 1927 ਈ: ਵਿਚ ਇਤਿਹਾਸਕ ਯਾਦਗਾਰ ਦੀ ਥਾਂ ‘ਤੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ। ਇਸ ਅਸਥਾਨ ਦਾ ਪ੍ਰਬੰਧ ਪਹਿਲਾਂ ਪਿਤਾਪੁਰਖੀ ਮਹੰਤਾਂ ਪਾਸ ਸੀ, ਹੁਣ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲੋਕਲ ਕਮੇਟੀ ਰਾਹੀਂ ਕਰਦੀ ਹੈ। ਇਸ ਇਤਿਹਾਸਕ ਅਸਥਾਨ ‘ਤੇ ਪਹਿਲੀ ਤੇ ਛੇਵੀਂ ਪਾਤਸ਼ਾਹੀ ਦੇ ਪ੍ਰਕਾਸ਼ ਗੁਰਪੁਰਬ ਤੇ ਹੋਲੇ ਮਹੱਲੇ ‘ਤੇ ਵਿਸ਼ੇਸ਼ ਜੋੜ-ਮੇਲਾ ਹੁੰਦਾ ਹੈ। ਯਾਤਰੂਆਂ ਦੀ ਟਹਿਲ-ਸੇਵਾ ਵਾਸਤੇ ਲੰਗਰ-ਪ੍ਰਸ਼ਾਦਿ ਦਾ ਸੁਚੱਜਾ ਪ੍ਰਬੰਧ ਹੈ। ਰਿਹਾਇਸ਼ ਵਾਸਤੇ ਵੀ ਕੁਝ ਕਮਰੇ ਬਣੇ ਹੋਏ ਹਨ।

ਇਹ ਅਸਥਾਨ ਲੁਧਿਆਣਾ-ਦਿੱਲੀ ਜਰਨੈਲੀ ਸੜਕ ‘ਤੇ ਮੰਡੀ ਗੋਬਿੰਦਗੜ੍ਹ ਤੋਂ ਕੇਵਲ ਇਕ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਪ੍ਰਮੁੱਖ ਸਨਅਤੀ ਕੇਂਦਰ ਹੈ ਤੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ‘ਤੇ ਪ੍ਰਮੁੱਖ ਰੇਲਵੇ ਸਟੇਸ਼ਨ ਹੈ।

ਵਧੇਰੇ ਜਾਣਕਾਰੀ 01765-54461, 50208 ਫ਼ੋਨ ਨੰਬਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Gurdwara Text Courtesy :- Dr. Roop Singh, Secretary S.G.P.C.