‘ਗੁਰਦੁਆਰਾ ਪਾਤਸ਼ਾਹੀ ਛੇਵੀਂ, ਠੱਟਾ (ਫਿਰੋਜ਼ਪੁਰ)

ਗੁਰਦੁਆਰਾ ਪਾਤਸ਼ਾਹੀ ਛੇਵੀਂ (ਠੱਟਾ) ਗੁਰੂ ਹਰਿਗੋਬਿੰਦ ਸਾਹਿਬ ਦੀ ਪਾਵਨ ਯਾਦ ਵਿਚ ਸਸ਼ੋਭਿਤ ਹੈ। ਗੁਰੂ ਜੀ ਅੰਮ੍ਰਿਤਸਰ ਸਾਹਿਬ ਤੋਂ ਡਰੋਲੀ ਭਾਈ ਜਾਣ ਸਮੇਂ ਦੋ ਵਾਰ ਇਥੇ ਰੁਕੇ ਸਨ, ਪਹਿਲੀ ਵਾਰ 1612 ਈ: ਵਿਚ ਤੇ ਦੂਸਰੀ ਵਾਰ 1631 ਈ: ਵਿਚ। ਗੁਰੂ ਹਰਿਗੋਬਿੰਦ ਸਾਹਿਬ ਦੀ ਆਮਦ ਦੀ ਯਾਦ ਵਿਚ ਪ੍ਰੇਮੀ ਗੁਰਸਿੱਖਾਂ ਨੇ ਯਾਦਗਾਰ ਦਾ ਨਿਰਮਾਣ ਕਰਵਾਇਆ। ਸ੍ਰ: ਸੇਵਾ ਸਿੰਘ ਤੇ ਸ੍ਰ: ਜੱਸਾ ਸਿੰਘ ਨੇ ਸੰਗਤਾਂ ਨੂੰ ਪ੍ਰੇਰ ਕੇ ਯਾਦਗਾਰੀ ਸਥਾਨ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਬਣਵਾਈ। ਫਿਰ ਬਾਬਾ ਖੜਕ ਸਿੰਘ 16 ਹਾੜ ਸੰਮਤ 1993 ਮੁਤਾਬਿਕ ਪਹਿਲੀ ਜੁਲਾਈ, 1935 ਈ: ਨੂੰ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਨੀਂਹ ਰੱਖੀ। ਗੁਰਦੁਆਰਾ ਸਾਹਿਬ ਪਿੰਡ ਤੋਂ ਇਕ ਕਿਲੋਮੀਟਰ ਬਾਹਰ ਹੈ। ਪ੍ਰਬੰਧ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਲੋਕਲ ਕਮੇਟੀ ਰਾਹੀਂ ਕਰਦੀ ਹੈ।

ਇਸ ਅਸਥਾਨ ‘ਤੇ ਪਹਿਲੀ, ਪੰਜਵੀਂ, ਛੇਵੀਂ ਤੇ ਦਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਦਿਵਸ ਵਿਸ਼ੇਸ਼ ਰੂਪ ਵਿਚ ਮਨਾਏ ਜਾਂਦੇ ਹਨ। ਯਾਤਰੂਆਂ ਦੀ ਟਹਿਲ-ਸੇਵਾ ਵਾਸਤੇ ਲੰਗਰ-ਪ੍ਰਸ਼ਾਦਿ ਦਾ ਪ੍ਰਬੰਧ ਵਧੀਆ ਹੈ।

ਇਹ ਅਸਥਾਨ ਪਿੰਡ ਠੱਟਾ, ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਚ ਮਖੂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਜ਼ੀਰਾ ਤੋਂ 12 ਕਿਲੋਮੀਟਰ ਦੀ ਦੂਰੀ ‘ਤੇ ਜ਼ੀਰਾ-ਫਿਰੋਜ਼ਪੁਰ ਰੋਡ ‘ਤੇ ਸਥਿਤ ਹੈ।

 

Gurdwara Text Courtesy :- Dr. Roop Singh, Secretary S.G.P.C.