ਅੰਮ੍ਰਿਤਸਰ, ੧੩ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਰਾਹੀਂ ਸਾਹਮਣੇ ਆਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਮਾਨ ਵੇਚਦੀ ਇੱਕ ਬੱਚੀ ਤੋਂ ਪੈਸੇ ਲੈਣ ਦੀ ਖਬਰ ਬਾਰੇ ਕਿਹਾ ਕਿ ਇਸ ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦਾ ਕੋਈ ਸਬੰਧ ਨਹੀਂ, ਜਦਕਿ ਇਕ ਠੇਕੇਦਾਰ ਦੀ ਕਾਰਵਾਈ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਬਾਹਰ ਲੱਗਦੀਆਂ ਦੁਕਾਨਾਂ, ਥੜ੍ਹਿਆਂ ਆਦਿ ਨੂੰ ਹਰ ਸਾਲ ਠੇਕੇ ਪੁਰ ਦਿੱਤਾ ਜਾਂਦਾ ਹੈ ਅਤੇ ਉਥੇ ਸਮਾਨ ਵੇਚਣ ਵਾਲਿਆਂ ਨੂੰ ਠੇਕੇਦਾਰਾਂ ਵੱਲੋਂ ਹੀ ਲਗਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਕਿਸੇ ਵੱਲੋਂ ਉਸ ਲੜਕੀ ਦੀ ਖਬਰ ਸ਼ੋਸ਼ਲ ਮੀਡੀਆ ਉਪਰ ਫੈਲਾਅ ਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਤੋਂ ਸੰਗਤਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਕੀਤੀ ਗਈ ਕਾਰਵਾਈ ਤੋਂ ਬਾਅਦ ਠੇਕੇਦਾਰ ਨੇ ਲਿਖਤੀ ਮੁਆਫੀਨਾਮਾ ਭੇਜਿਆ ਹੈ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਦਾ ਪ੍ਰਣ ਵੀ ਕੀਤਾ ਹੈ। ਇਸ ਦੇ ਨਾਲ ਹੀ ਠੇਕੇਦਾਰ ਵੱਲੋਂ ਮੁਆਫੀਨਾਮੇ ਵਿਚ ਲੜਕੀ ਪਾਸੋਂ ਲਏ ਗਏ ਪੈਸੇ ਵਾਪਸ ਕਰਨ ਦੀ ਗੱਲ ਵੀ ਆਖੀ ਗਈ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ‘ਤੇ ਨਤਮਸਕਤ ਹੋਣ ਪੁੱਜਦੀਆਂ ਸੰਗਤਾਂ ਗੁਰਦੁਆਰਾ ਪ੍ਰਬੰਧਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਸ਼ੰਕੇ ਪ੍ਰਤੀ ਸਿੱਧੇ ਤੌਰ ‘ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਾਲ ਗੱਲ ਕਰ ਸਕਦੀਆਂ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਪ੍ਰਬੰਧਾਂ ਦੀ ਸੁਹਿਰਦ ਕਾਰਜਸ਼ੀਲਤਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।