ਅੰਮ੍ਰਿਤਸਰ ੧ ਦਸੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਦੇ ਨਵ-ਨਿਰਮਾਣ ਅਤੇ ਸੇਵਾ ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨ ਸਿਰੇ ਚੜ੍ਹਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿਚ ਜਗਨਨਾਥ ਮੰਦਰ ਕਮੇਟੀ ਨੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਡਾ. ਰੂਪ ਸਿੰਘ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ ਅਤੇ ਇਸ ਸਬੰਧ ਵਿਚ ਉਨ੍ਹਾਂ ਸਮੇਤ ਤਿੰਨ ਮੈਂਬਰੀ ਇਕ ਵਫ਼ਦ ਵੀ ਉੜੀਸਾ ਗਿਆ ਸੀ। ਉਨ੍ਹਾਂ ਆਖਿਆ ਕਿ ਇਸ ਗੁਰਦੁਆਰਾ ਸਾਹਿਬ ਦੇ ਨਵ-ਨਿਰਮਾਣ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਜਲਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਗਨਨਾਥ ਪੁਰੀ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਵੀ ਪ੍ਰੋਗਰਾਮ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਉੜੀਸਾ ਜਾਵੇਗਾ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਗੁਰਦੁਆਰਾ ਸਾਹਿਬ ਦੇ ਨਿਰਮਾਣ ਸਬੰਧੀ ਜਗਨਨਾਥ ਪੁਰੀ ਮੰਦਰ ਕਮੇਟੀ ਨਾਲ ਵੀ ਗੱਲਬਾਤ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਸਾਲ ੨੦੧੭ ਵਿਚ ਇਕ ਕਮੇਟੀ ਬਣਾਈ ਗਈ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਲ ਸਨ। ਇਸ ਕਮੇਟੀ ਦੀ ਰਿਪੋਰਟ ਅਨੁਸਾਰ ਉੜੀਸਾ ਸਿੱਖ ਪ੍ਰਤੀਨਿਧ ਬੋਰਡ ਦੇ ਪ੍ਰਧਾਨ ਸ. ਮਹਿੰਦਰ ਸਿੰਘ, ਭਾਈ ਹਿੰਮਤ ਸਿੰਘ ਚੇਰੀਟੇਬਲ ਟਰੱਸਟ ਦੇ ਸ. ਜਗਜੀਤ ਸਿੰਘ ਤੋਂ ਇਲਾਵਾ ਸ. ਸਤਪਾਲ ਸਿੰਘ ਪਾਲੀ ਨੂੰ ਇਸ ਮਾਮਲੇ ਦੇ ਹੱਲ ਲਈ ਮੰਦਰ ਕਮੇਟੀ ਨਾਲ ਗੱਲਬਾਤ ਕਰਨ ਲਈ ਨਿਰਧਾਰਤ ਕੀਤਾ ਗਿਆ ਸੀ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਿਰਧਾਰਤ ਇਨ੍ਹਾਂ ਸ਼ਖ਼ਸੀਅਤਾਂ ਨੇ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨ੍ਹਾਂ ਦੀ ਅਗਵਾਈ ‘ਚ ਜਗਨਨਾਥ ਪੁਰੀ ਵਿਖੇ ਆਉਣ ਵਾਲਿਆਂ ਲਈ ਸਮੇਂ-ਸਮੇਂ ‘ਤੇ ਲੰਗਰ ਤੇ ਜੋੜੇ-ਘਰ ਆਦਿ ਦੀ ਸੇਵਾ ਵੀ ਕੀਤੀ ਜਾਂਦੀ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਗੁਰਦੁਆਰਾ ਸਾਹਿਬ ਇਤਿਹਾਸਕ ਹੋਣ ਦੇ ਬਾਵਜੂਦ ਵੀ ਸੰਗਤਾਂ ਦੀ ਪਹੁੰਚ ਤੋਂ ਦੂਰ ਸੀ ਅਤੇ ਇਸ ਨੂੰ ਉਦਾਸੀਨ ਮੱਠ ਦੇ ਤੌਰ ‘ਤੇ ਦਰਸਾਇਆ ਜਾ ਰਿਹਾ ਸੀ। ਜਗਨਨਾਥ ਪੁਰੀ ਵਿਖੇ ਮੰਦਰ ਤੋਂ ਥੋੜ੍ਹੀ ਦੂਰ ਪੁਰਾਤਨ ਬਾਉਲੀ ਸਾਹਿਬ ਕਾਇਮ ਹੈ ਅਤੇ ਛੋਟੇ ਜਿਹੇ ਇਕ ਕਮਰੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ। ਕਾਗਜ਼ੀ ਰਿਕਾਰਡ ਅਨੁਸਾਰ ਇਹ ਜਗ੍ਹਾ ਪੌਣਾ ਏਕੜ ਦੇ ਕਰੀਬ ਹੋਣ ਦੇ ਬਾਵਜੂਦ ਵੀ ਬਿਲਕੁਲ ਥੋੜ੍ਹੀ ਜਗ੍ਹਾ ਤੋਂ ਇਲਾਵਾ ਬਾਕੀ ਜਗ੍ਹਾ ‘ਤੇ ਮਕਾਨਾਂ, ਦੁਕਾਨਾਂ ਦਾ ਕਬਜ਼ਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਵਰ੍ਹੇ ਜਦੋਂ ਉਹ ਜਗਨਨਾਥ ਪੁਰੀ ਗਏ ਸਨ ਤਾਂ ਮੰਦਰ ਕਮੇਟੀ ਦੇ ਚੇਅਰਮੈਨ ਸ੍ਰੀ ਗਜਪਤੀ ਜੀ ਮਹਾਰਾਜ ਤੋਂ ਇਲਾਵਾ ਮੁੱਖ ਪ੍ਰਬੰਧਕ ਅਤੇ ਉਥੋਂ ਦੇ ਡਿਪਟੀ ਕਮਿਸ਼ਨਰ ਨਾਲ ਵੀ ਉਨ੍ਹਾਂ ਮਸਲੇ ਦੇ ਹੱਲ ਲਈ ਗੱਲ ਕੀਤੀ ਸੀ। ਉਸ ਸਮੇਂ ਮੰਦਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸਹਿਮਤੀ ਪ੍ਰਗਟਾਈ ਗਈ ਸੀ। ਮੁੱਖ ਸਕੱਤਰ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਜਗਨਨਾਥ ਪੁਰੀ ਮੰਦਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਸ਼੍ਰੋਮਣੀ ਕਮੇਟੀ ਦੀ ਸਲਾਹ ਨਾਲ ਕਾਰਜ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਪੂਰਨ ਆਸ ਹੈ ਕਿ ਜਗਨਨਾਥ ਪੁਰੀ ਟਰੱਸਟ ਵੱਲੋਂ ਸ਼੍ਰੋਮਣੀ ਕਮੇਟੀ ਵਿਚ ਪ੍ਰਗਟ ਕੀਤੇ ਭਰੋਸੇ ਅਨੁਸਾਰ ਇਹ ਅਸਥਾਨ ਸੰਗਤ ਦੀ ਭਾਵਨਾ ਅਨੁਸਾਰ ਜਲਦ ਹੀ ਤਿਆਰ ਹੋਵੇਗਾ ਅਤੇ ਇਥੇ ਗੁਰਮਤਿ ਮਰਯਾਦਾ ਅਨੁਸਾਰ ਸੇਵਾ ਸੰਭਾਲ ਹੋ ਸਕੇਗੀ।