ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਾਂਚ-ਕਮੇਟੀ ਗਠਿਤ ਕੀਤੀ

ਸ੍ਰੀ ਅੰਮ੍ਰਿਤਸਰ, 21 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ ਹਨ। ਜਾਤੀਵਾਦ ਨੱਲ ਜੋੜ ਕੇ ਪੱਖਪਾਤ ਕਰਨਾ ਗੁਰਮਤਿ ਮਰਯਾਦਾ ਦੇ ਉਲਟ ਹੈ, ਜਦਕਿ ਗੁਰਦੁਆਰਾ ਸਾਹਿਬਾਨ ਵਿੱਚੋਂ ਤਾਂ ਸੰਗਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਘਟਨਾ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਹਰਿੰਦਰ ਸਿੰਘ ਰੋਗਲਾ ਤੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ ‘ਤੇ ਆਧਾਰਤ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਜਲਦ ਹੀ ਮਾਮਲੇ ਦੀ ਪੂਰੀ ਪੜਤਾਲ ਕਰਕੇ ਰਿਪੋਰਟ ਦਿੱਤੀ ਜਾਵੇਗੀ ਅਤੇ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।