ਸਮਾਜ ਅੰਦਰੋਂ ਵਹਿਮਾਂ-ਭਰਮਾਂ ਦੇ ਖਾਤਮੇ ਲਈ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਬੇਹੱਦ ਜ਼ਰੂਰੀ –ਪ੍ਰੋ. ਕਿਰਪਾਲ ਸਿੰਘ ਬਡੂੰਗਰ

ਵੱਖ-ਵੱਖ ਸਭਾ ਸੁਸਾਇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਸਨਮਾਨਿਤ

ਜਲੰਧਰ, 13 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਦੁਆਬਾ ਖੇਤਰ ਵਿਚ ਹੋਰ ਪ੍ਰਚੰਡ ਕਰਨ ਲਈ ਜਲੰਧਰ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ, ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿਚ ਇੱਕ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਬਸਤੀ ਸ਼ੇਖ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ਤੇ ਪਹੁੰਚੇ। ਇਸ ਸਮਾਗਮ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਰਾਗੀ ਅਤੇ ਢਾਡੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਰਵਣ ਕੀਤੀਆਂ। 
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੀ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਦੀ ਪ੍ਰੇਰਨਾ ਹੀ ਸੁਖਾਵੇਂ ਜੀਵਨ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰੋਂ ਵਹਿਮਾਂ-ਭਰਮਾਂ ਅਤੇ ਅਗਿਆਨਤਾ ਦਾ ਖਾਤਮਾ ਕਰਨ ਲਈ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲਣਾ ਬੇਹੱਦ ਜ਼ਰੂਰੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਸਾਨੂੰ ਬੌਧਿਕ, ਅਧਿਆਤਮਿਕ, ਸਮਾਜਿਕ, ਰਾਜਨੀਤਿਕ, ਆਰਥਿਕ, ਵਿਗਿਆਨਕ ਭਾਵ ਹਰ ਖੇਤਰ ਵਿਚ ਅਗਵਾਈ ਦਿੰਦੀ ਹੈ, ਲੇਕਿਨ ਇਸ ਲਈ ਸਾਨੂੰ ਗੁਰਬਾਣੀ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਾਂਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਉਹ ਆਪਣੇ ਮਹਾਨ ਵਿਰਸੇ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸੰਗਤਾਂ ਨੂੰ ਗੁਰਮਤਿ ਸਭਿਆਚਾਰ ਨਾਲ ਜੋੜਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। 
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੀ ਪ੍ਰਸੰਸਾ ਕਰਦਿਆਂ ਇਸ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਸਿਧਾਂਤਾਂ, ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨ ਲਈ ਇਸ ਲਹਿਰ ਦੇ ਅਵੱਸ਼ ਹੀ ਦੂਰਦਰਸ਼ੀ ਨਤੀਜੇ ਨਿਕਲਣਗੇ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿੱਖੀ ਸਰੂਪ ਵਿਚ ਕਾਇਮ ਰੱਖਣ ਲਈ ਵਿਸ਼ੇਸ਼ ਭੂਮਿਕਾ ਨਿਭਾਉਣ ਤਾਂ ਜੋ ਪਤਿਤਪੁਣੇ ਨੂੰ ਖਤਮ ਕੀਤਾ ਜਾ ਸਕੇ।
ਸਮਾਗਮ ਦੌਰਾਨ ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਵਿਧਾਇਕ ਸ. ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਧਰਮ ਪ੍ਰਚਾਰ ਲਹਿਰ ਵਿਚ ਪੂਰਨ ਸਹਿਯੋਗ ਕਰਨਗੇ। ਉਨ੍ਹਾਂ ਰਵਾਇਤੀ ਪ੍ਰਚਾਰ ਦੇ ਨਾਲ-ਨਾਲ ਪ੍ਰਚਾਰਕ ਸ਼੍ਰੇਣੀ ਨੂੰ ਸੰਗਤਾਂ ਨਾਲ ਸੰਵਾਦ ਰਚਾਉਣ ਦੀ ਲੋੜ ਤੇ ਵੀ ਜੋਰ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨੇ ਜਿਥੇ ਦੁਆਬਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਲਈ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰੋਗਰਾਮ ਉਲੀਕਣ ਲਈ ਅਪੀਲ ਕੀਤੀ ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਬੇਅੰਤ ਸਿੰਘ ਸਰਹੱਦੀ ਵੱਲੋਂ ਬਾਖੂਬੀ ਨਿਭਾਈ ਗਈ।
ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਸ਼ਾਨਦਾਰ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿੰਗ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ਼੍ਰੋਮਣੀ ਕਮੇਟੀ ਸ. ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲੜਾ, ਸ. ਪਰਮਜੀਤ ਸਿੰਘ ਰਾਏਪੁਰ, ਸ. ਸਰਜੀਤ ਸਿੰਘ ਚੀਮਾ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਹਰਜੀਤ ਕੌਰ ਤਲਵੰਡੀ, ਸ. ਚਰਨਜੀਤ ਸਿੰਘ ਚੰਨੀ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਬਲਜੀਤ ਸਿੰਘ ਨੀਲਾ ਮਹਿਲ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਬੇਅੰਤ ਸਿੰਘ ਸਰਹੱਦੀ, ਪ੍ਰੋ. ਮਨਜੀਤ ਸਿੰਘ, ਸ. ਹਰਜੀਤ ਸਿੰਘ, ਸ. ਗੁਰਮੀਤ ਸਿੰਘ, ਸ. ਗੁਰਕ੍ਰਿਪਾਲ ਸਿੰਘ, ਸ. ਅਮਰੀਕ ਸਿੰਘ, ਸ. ਹਰਪ੍ਰੀਤ ਸਿੰਘ, ਸ. ਅਮਰਜੀਤ ਸਿੰਘ ਬੀਰਮੀ, ਸ. ਬਲਦੇਵ ਸਿੰਘ ਮੈਨੇਜਰ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ, ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਮੌਂ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।