15-6-15ਸ੍ਰੀ ਅੰਮ੍ਰਿਤਸਰ :15 ਜੂਨ (  ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ‘ਚ ਆਰੰਭ ਹੋਇਆ। ਨਗਰ ਕੀਰਤਨ ਦੀ ਅਰੰਭਤਾ ਸਮੇਂ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ. ਹਰਭਜਨ ਸਿੰਘ ਸੀਨੀ: ਮੀਤ ਪ੍ਰਧਾਨ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਆਯੋਜਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਤੋਂ ਚਲ ਕੇ ਬਹਾਦਰ ਬਹਾਦਰਪੁਰ, ਛਛਰੌਲੀ, ਬਿਲਾਸਪੁਰ, ਗੁਰਦੁਆਰਾ ਸ੍ਰੀ ਕਪਾਲਮੋਚਨ ਸਾਹਿਬ, ਗੁਰਦੁਆਰਾ ਸਾਹਿਬ ਸੰਢੌਰਾ, ਨਰਾਇਣਗੜ੍ਹ, ਰਾਏਪੁਰ ਰਾਣੀ ਤੇ ਬਰਵਾਲਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਚਕੂਲਾ (ਹਰਿਆਣਾ) ਵਿਖੇ ਰਾਤ ਵਿਸ਼ਰਾਮ ਕਰੇਗਾ, ਅਗਲੇ ਦਿਨ ਮਿਤੀ ੧੬-੬-੧੫ ਨੂੰ ਇਹ ਨਗਰ ਕੀਰਤਨ ਪਿੰਜੌਰ, ਨਾਲਾਗੜ੍ਹ ਤੇ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਸ਼ਾਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਦੀ ਅਰੰਭਤਾ ਸਮੇਂ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ੩੫੦ ਸਾਲਾ ਸਥਾਪਨਾ ਦਿਵਸ ੧੭ ਤੋਂ ੧੯ ਜੂਨ ਤੱਕ ਮਨਾ ਰਹੀ ਹੈ ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਆਪਾਂ ਵਡਭਾਗੇ ਹਾਂ ਸਾਨੂੰ ਇਹ ਇਤਿਹਾਸਕ ਦਿਹਾੜਾ ਮਨਾਉਣ ਦਾ ਸਮਾਂ ਮਿਲਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਸੰਗਤਾਂ ਨਗਰ ਕੀਰਤਨ ‘ਚ ਸ਼ਾਮਲ ਹੋਣ।
ਇਸ ਮੌਕੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ (ਪ੍ਰ.) ਸ. ਜਸਵਿੰਦਰ ਸਿੰਘ ਤੇ ਸ. ਬਲਵਿੰਦਰ ਸਿੰਘ ਉਭੋਕੇ ਇੰਚਾਰਜ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ. ਵਰਿੰਦਰ ਸਿੰਘ ਠਰੂ, ਗੁਰਦੁਆਰਾ ਪਾਉਂਟਾ ਸਾਹਿਬ ਦੇ ਸੀਨੀ: ਮੀਤ ਪ੍ਰਧਾਨ ਸ. ਹਰਭਜਨ ਸਿੰਘ, ਸ. ਰਜਿੰਦਰ ਸਿੰਘ ਗੱਜਣ ਜਨਰਲ ਸਕੱਤਰ, ਸ. ਸਿਮਰਤ ਸਿੰਘ ਮੈਂਬਰ, ਸ. ਕੁਲਵੰਤ ਸਿੰਘ ਮੈਨੇਜਰ ਤੇ ਵੱਡੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।