ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ

1-1ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਵੀ ਸੰਮੇਲਨ ਕਰਵਾਉਣ ਲਈ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਸਮੇਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਰਜੀਤ ਸਿੰਘ ਪਾਤਰ ਤੇ ਹੋਰ।

ਅੰਮ੍ਰਿਤਸਰ ੨੩ ਜੂਨ (        )   ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਕਰਵਾਉਣ ਲਈ ਬਣਾਈ ਗਈ ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਕੀਤੀ ਗਈ। ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਵਿਦਿਆ ਸ਼੍ਰੋਮਣੀ ਕਮੇਟੀ ਤੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਸ਼ਾਮਲ ਹੋਏ।
   ਇਕੱਤਰਤਾ ਸਮੇਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਬ ਕਮੇਟੀ ਨੇ ਇਹ ਫੈਸਲਾ ਕੀਤਾ ਹੈ ਕਿ ਦਸਮ ਪਿਤਾ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਕਵੀ ਸੰਮੇਲਨ ਵਿੱਚ ਭਾਗ ਲੈਣ ਵਾਲੇ ੫੨ ਕਵੀਆਂ ਨੂੰ ਵੱਧ ਤੋਂ ਵੱਧ ਭਾਸ਼ਾਵਾਂ ਵਿੱਚ ਦਸਮੇਸ ਪਿਤਾ ਦੇ ਜੀਵਨ ਬਾਰੇ ਕਵਿਤਾਵਾਂ ਲਿਖ ਕੇ ੨੦ ਜੁਲਾਈ ੨੦੧੬ ਤੀਕ ਭੇਜਣ ਲਈ ਕਿਹਾ ਜਾਵੇਗਾ।ਉਨ੍ਹਾਂ ਕਿਹਾ ਕਿ ਕਵੀਆਂ ਵਲੋਂ ਭੇਜੀਆਂ ਜਾਣ ਵਾਲੀਆਂ ਕਵਿਤਾਵਾਂ ਨੂੰ ਡੂੰਘਾਈ ਨਾਲ ਪੜ੍ਹ ਕੇ ਇਨ੍ਹਾਂ ਨੂੰ ਪੰਜਾਬੀ, ਉਰਦੂ, ਸੰਸਕ੍ਰਿਤ, ਫਾਰਸੀ ਤੇ ਬ੍ਰਿਜ ਭਾਸ਼ਾ ਵਿੱਚ ਕਿਤਾਬ ਵਜੋਂ ਛਪਵਾਇਆ ਜਾਵੇਗਾ ਜਿਸ ਨੂੰ ਕਵੀ ਸੰਮੇਲਨ ਸਮੇਂ ਰਿਲੀਜ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ੨੫ ਸਾਲ ਤੋਂ ਘੱਟ ਉਮਰ ਵਾਲੇ ਨੌਜਵਾਨ ਕਵੀਆਂ ਨੂੰ ਉਤਸ਼ਾਹਿਤ ਕਰਨ ਲਈ ਕਵਿਤਾ ਲਿਖਣ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਦੀ ਗਿਣਤੀ ਵੀ ੫੨ ਰੱਖੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੇ ਕਵੀਆਂ ਨੂੰ ਕ੍ਰਮਵਾਰ ੨੧ ਹਜ਼ਾਰ, ੧੧ ਹਜ਼ਾਰ ਤੇ ੫੧੦੦ ਰੁਪਏ ਇਨਾਮ ਵਜੋਂ ਤਕਸੀਮ ਕੀਤੇ ਜਾਣਗੇ ਅਤੇ ਪੰਜ ਨੌਜਵਾਨਾਂ ਨੂੰ ਹੌਂਸਲਾ ਅਫਜਾਈ ਦੇ ਤੌਰ ਤੇ ੨੧੦੦-੨੧੦੦ ਰੁਪਏ ਦਿੱਤੇ ਜਾਣਗੇ।
 ਇਸ ਮੌਕੇ ਸ. ਸੁਰਜੀਤ ਸਿੰਘ ਪਾਤਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁੱਚਜੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ੫੨ ਕਵੀਆਂ ਦਾ ਕਵੀ ਸੰਮੇਲਨ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦਾ ਕਵੀਆਂ ਨਾਲ ਬਹੁਤ ਪਿਆਰ ਸੀ ਤੇ ਇਸ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀ ਦਸਮੇਸ ਪਿਤਾ ਦੇ ਜੀਵਨ ਤੇ ਕਵਿਤਾਵਾਂ ਲਿਖ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕਰੀਏ।
ਇਸ ਮੌਕੇ ਸ. ਜਗਜੀਤ ਸਿੰਘ ਤੇ ਸ. ਸਕੱਤਰ ਸਿੰਘ ਮੀਤ ਸਕੱਤਰ ਅਤੇ ਸ. ਮਨਜੀਤ ਸਿੰਘ ਇੰਚਾਰਜ ਸ਼ਤਾਬਦੀਆਂ ਆਦਿ ਹਾਜ਼ਰ ਸਨ।