ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 21 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ ਜਥਾ

ਅੰਮ੍ਰਿਤਸਰ, 12 ਅਪ੍ਰੈਲ-
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਬੀਬੀ ਨਰਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਜਥੇ ਨਾਲ ਗਏ ਹਨ। ਜਥੇ ਦੀ ਰਵਾਨਗੀ ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤੀ। ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਜਥੇ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਰਵਿੰਦਰ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਖ਼ਾਲਸਾ ਦਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 872 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 839 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 33 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ ਤਾਂ ਜੋ ਉਹ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਚੰਦੋਆ ਸਾਹਿਬ, ਅੰਮ੍ਰਿਤ ਸੰਚਾਰ ਲਈ ਕਕਾਰਾਂ ਤੋਂ ਇਲਾਵਾ ਹਰਮੋਨੀਅਮ ਸੈੱਟ ਅਤੇ ਬਰਤਨ (ਥਾਲ, ਗਲਾਸ ਆਦਿ) ਭੇਜੇ ਗਏ ਹਨ।
ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਮੈਂਬਰ ਬੀਬੀ ਰਵਿੰਦਰ ਕੌਰ ਕੁਰੂਕਸ਼ੇਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਗੁਰਚਰਨ ਸਿੰਘ ਕੋਹਾਲਾ ਇੰਚਾਰਜ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਸ. ਮਨਜੀਤ ਸਿੰਘ ਤੇ ਸ. ਕਰਨਜੀਤ ਸਿੰਘ ਇੰਚਾਰਜ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ। 

ਪਾਕਿਸਤਾਨ ਸਥਿਤ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ-

ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਸ਼ਰਧਾਲੂ ਜਿਥੇ 14 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ, ਉਥੇ ਹੀ 15 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਣਗੇ। 17 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ), 18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, 19 ਅਪ੍ਰੈਲ ਨੂੰ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਇਹ ਜਥਾ 21 ਅਪ੍ਰੈਲ ਨੂੰ ਅਟਾਰੀ ਸਰਹੱਦ ਰਸਤੇ ਵਾਪਸ ਦੇਸ਼ ਪਰਤੇਗਾ।