ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਲਈ ਕੀਤੇ ਜਾਣਗੇ ਵਿਸ਼ਾਲ ਪ੍ਰਬੰਧ -ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 9 ਦਸੰਬਰ- ਮਨੁੱਖਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਅਗਾਂਹੂ ਪ੍ਰਬੰਧਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਆਰੰਭ ਕਰ ਦਿੱਤੇ ਗਏ ਹਨ। ਇਸ ਤਹਿਤ ਇਥੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੇਬੇ ਨਾਨਕੀ ਜੀ ਨਿਵਾਸ ਅਤੇ ਕਾਰ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੰਗਤ ਦੇ ਠਹਿਰਾਉ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਵ ਨਿਰਮਾਣ ਕੀਤੇ ਜਾਣ ਵਾਲੇ ਬੇਬੇ ਨਾਨਕੀ ਜੀ ਨਿਵਾਸ ਸਬੰਧੀ ਦੱਸਿਆ ਕਿ ਇਹ ਨਿਵਾਸ 6 ਮੰਜ਼ਲਾ ਹੋਵੇਗਾ, ਜਿਸ ਵਿਚ 142 ਕਮਰੇ ਅਤੇ 27 ਵਿਸ਼ਾਲ ਹਾਲ ਬਣਾਏ ਜਾਣਗੇ। ਇਸ ਤੋਂ ਇਲਾਵਾ ਇਸ ਦੀ ਬੇਸਮੈਂਟ ਵਿਚ ਕਾਰ ਪਾਰਕਿੰਗ ਤਿਆਰ ਕੀਤੀ ਜਾਵੇਗੀ, ਜੋ 100 ਗੱਡੀਆਂ ਦੀ ਸਮਰੱਥਾ ਵਾਲੀ ਹੋਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਨਿਵਾਸ ਅਤੇ ਕਾਰ ਪਾਰਕਿੰਗ ਦੀ ਸੇਵਾ ਬਾਬਾ ਜਗਤਾਰ ਸਿੰਘ ਜੀ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਇਸ ਨਿਵਾਸ ਅਤੇ ਕਾਰ ਪਾਰਕਿੰਗ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤਾ ਗਿਆ। ਇਸ ਦੌਰਾਨ ਭਾਈ ਲੌਂਗੋਵਾਲ ਗੁਰਦੁਆਰਾ ਸੰਤ ਘਾਟ ਵਿਖੇ ਵੀ ਨਤਮਸਤਕ ਹੋਏ ਅਤੇ ਉਨ੍ਹਾਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰ ਦੇ ਰੂਪ ਵਿਚ ਤਿਆਰ ਕੀਤੇ ਜਾਣ ਵਾਲੇ ਇਕ ਓਅੰਕਾਰ ਦੇ ਵਿਸ਼ਾਲ ਨਿਸ਼ਾਨ ਦੇ ਸਥਾਨ ’ਤੇ ਜਾ ਕੇ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਯਾਦਗਾਰ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਸੋਂ ਜਾਣਕਾਰੀ ਵੀ ਪ੍ਰਾਪਤ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਏ ਹੋਏ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਵਿਉਂਤਬੰਦੀ ਸਬੰਧੀ ਵਿਚਾਰ-ਵਟਾਂਦਰਾਂ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਤੇ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਮੈਂਬਰਾਨ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ ਸ. ਪਰਮਜੀਤ ਸਿੰਘ ਰਾਏਪੁਰ, ਬੀਬੀ ਰਣਜੀਤ ਕੌਰ ਮਾਹਲਪੁਰ, ਬੀਬੀ ਗੁਰਮੀਤ ਕੌਰ, ਬਾਬਾ ਬਲਵੰਤ ਸਿੰਘ, ਬਾਬਾ ਮਹਿੰਦਰ ਸਿੰਘ, ਇੰਜੀਨੀਅਰ ਸਵਰਨ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਗੁ: ਸ੍ਰੀ ਬੇਰ ਸਾਹਿਬ, ਸ. ਸਰਬਜੀਤ ਸਿੰਘ ਧੂੰਦਾ ਮੈਨੇਜਰ, ਸ. ਜੱਸਾ ਸਿੰਘ ਮੈਨੇਜਰ, ਮਾਸਟਰ ਗੁਰਦੇਵ ਸਿੰਘ, ਸ. ਸੁਰਜੀਤ ਸਿੰਘ ਢਿੱਲੋਂ, ਸ. ਗੁਰਜੰਟ ਸਿੰਘ ਸੰਧੂ, ਸ. ਬਲਦੇਵ ਸਿੰਘ ਖੁਰਦਾਂ, ਸ. ਪ੍ਰਤਾਪ ਸਿੰਘ ਮੋਮੀ, ਸ. ਦਿਰਬਾਰਾ ਸਿੰਘ ਵਿਰਦੀ, ਸ. ਮੱਖਣ ਸਿੰਘ, ਸ. ਕੰਵਲਨੈਣ ਸਿੰਘ, ਸ. ਕੱਥਾ ਸਿੰਘ ਚੇਅਰਮੈਨ, ਸ. ਹਰਜਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।