ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ 13 ਨਵੰਬਰ ਨੂੰ ਜਨਰਲ ਇਜਲਾਸ ਸੱਦਣ ਦਾ ਫੈਸਲਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2019 ਪ੍ਰਚਾਰ ਵਰ੍ਹੇ ਵਜੋਂ ਵਰਤੇਗੀ ਸ਼੍ਰੋਮਣੀ ਕਮੇਟੀ
550 ਸਾਲਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਦੇ ਵਿਕਾਸ ਵੱਲ ਧਿਆਨ ਦੇਵੇ-ਭਾਈ ਲੌਂਗੋਵਾਲ
ਸੁਲਤਾਨਪੁਰ ਲੋਧੀ, 18 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 13 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਅੱਜ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤੲਰਤਾ ਵਿਚ ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਾਨੌ-ਸ਼ੌਕਤ ਨਾਲ ਮਨਾਉਣ ਦੀ ਵਚਨਬਧਤਾ ਦਾ ਪ੍ਰਗਟਾਵਾ ਕਰਦਿਆਂ ਅਗਲੇ ਵਰ੍ਹੇ 2019 ਨੂੰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਜੋਂ ਵਰਤਣ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਅਹੁਦੇਦਾਰਾਂ ਦੀ ਚੋਣ ਲਈ 13 ਨਵੰਬਰ 2018 ਨੂੰ ਜਨਰਲ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ 1 ਵਜੇ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਰ੍ਹਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਲ ਭਰ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਸੈਮੀਨਾਰ, ਨਗਰ ਕੀਰਤਨ ਆਦਿ ਸਮਾਗਮ ਨਿਰੰਤਰ ਕੀਤੇ ਜਾਣਗੇ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੱਕ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਇਸ ਨੂੰ ਸਿੱਖੀ ਦੇ ਪ੍ਰਚਾਰ ਲਈ ਵੱਧ ਤੋਂ ਵੱਧ ਵਰਤਿਆ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਗੁਰੂ ਸਾਹਿਬ ਦੇ ਮੁਬਾਰਕ ਚਰਨਾਂ ਛੋਹ ਪ੍ਰਾਪਤ ਧਰਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਕਾਰਜ ਆਰੰਭੇ ਗਏ ਹਨ। ਉਨ੍ਹਾਂ ਵਿਸਥਾਰ ਦਿੰਦਿਆਂ ਦੱਸਿਆ ਕਿ ਜਿਥੇ ਇਸ ਪਾਵਨ ਨਗਰੀ ਵਿਚ ਵਿਸ਼ਾਲ ਸੰਗਤ ਨਿਵਾਸ, ਪਾਰਕਿੰਗ, ਯਾਦਗਾਰੀ ਗੇਟਾਂ, ਵਿਸ਼ਾਲ ਲੰਗਰ ਹਾਲ, ਵਿਸ਼ੇਸ਼ ਪਾਰਕਾਂ ਆਦਿ ਦੇ ਕੰਮ ਜੰਗੀ ਪੱਧਰ ’ਤੇ ਚੱਲ ਰਹੇ ਹਨ, ਉਥੇ ਹੀ ਗੁਰਦੁਅਰਾ ਸੰਤਘਾਟ ਵਿਖੇ ‘ੴ ਮੂਲਮੰਤਰ ਅਸਥਾਨ’ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ਨੂੰ ਵਰਤਮਾਨ ਤਕਨੀਕਾਂ ਅਨੁਸਾਰ ਤਿਆਰ ਕੀਤਾ ਜਾਵੇਗਾ ਅਤੇ ਇਸ ਚਾਰ ਮੰਜ਼ਲੀ ਇਮਾਰਤ ਵਿਚ ਪਹਿਲੇ ਪਾਤਸ਼ਾਹ ਜੀ ਦੀਆਂ ਉਦਾਸੀਆਂ ਨਾਲ ਸਬੰਧਤ ਇਤਿਹਾਸ ਨੂੰ ਰੂਪ-ਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ਦਾ ਨਿਰਮਾਣ ਵਿਸ਼ਵ ਪੱਧਰੀ ਹੋਵੇਗਾ ਅਤੇ ਇਥੇ ਆਉਣ ਵਾਲੀਆਂ ਸੰਗਤਾਂ ਗੁਰੂ ਸਾਹਿਬ ਦੇ ਜੀਵਨ ਕਾਲ ਨਾਲ ਸਬੰਧਤ ਮੁਕੰਮਲ ਜਾਣਕਾਰੀ ਪ੍ਰਾਪਤ ਕਰਨਗੀਆਂ। ਭਾਈ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਇਹ ਯਾਦਗਾਰ ਇਕ ਸਾਲ ਵਿਚ ਮੁਕੰਮਲ ਕਰ ਲਈ ਜਾਵੇਗੀ ਅਤੇ 550 ਸਾਲਾ ਸਮਾਗਮਾਂ ਤੋਂ ਪਹਿਲਾਂ ਸੰਗਤ ਅਰਪਨ ਕਰ ਦਿੱਤੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਅਤੇ ਬਾਬਾ ਲਾਭ ਸਿੰਘ ਕਿਲ੍ਹਾ ਨੰਦਗੜ੍ਹ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ 22 ਤੇ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸਮਾਗਮਾਂ ਨਾਲ ਕੀਤੀ ਜਾਵੇਗੀ ਅਤੇ ਇਨ੍ਹਾਂ ਸਮਾਗਮਾਂ ਵਿਚ ਦੇਸ਼ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸੁਲਤਾਨਪੁਰ ਲੋਧੀ ਵੱਲ ਵਿਸ਼ੇਸ਼ ਤਵੱਜੋਂ ਨਾ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸ਼ਹਿਰ ਨੂੰ ਵਿਸ਼ਵ ਪੱਧਰੀ ਨੁਹਾਰ ਦੇਣ ਲਈ ਅੱਗੇ ਆਏ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦੇ ਦਰਜ਼ੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਨੂੰ ਅਮਲੀ ਰੂਪ ਵਿਚ ਲਾਗੂ ਕਰਨਾ ਸਰਕਾਰ ਦਾ ਫ਼ਰਜ਼ ਹੈ ਅਤੇ ਸ਼੍ਰੋਮਣੀ ਕਮੇਟੀ ਇਹ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਇਸ ਵੱਲ ਤੁਰੰਤ ਧਿਆਨ ਦੇਵੇ ਅਤੇ ਬਿਨਾ ਦੇਰੀ ਕੀਤਿਆਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜ ਸ਼ੁਰੂ ਕਰੇ। ਇਸ ਤੋਂ ਪਹਿਲਾਂ ੴ ਮੂਲਮੰਤਰ ਅਸਥਾਨ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਲੰਗਰ ਹਾਲ ਦੀ ਟੱਕ ਲਗਾ ਕੇ ਸ਼ੁਰੂਆਤ ਕੀਤੀ ਗਈ ਅਤੇ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਨੂੰ ਵੀ ਕਾਰਜਸ਼ੀਲ ਕੀਤਾ ਗਿਆ। 
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਨਵਤੇਜ ਸਿੰਘ ਕਾਉਣੀ, ਸ. ਹਰਦੇਵ ਸਿੰਘ ਰੋਗਲਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਗੁਰਪ੍ਰੀਤ ਕੌਰ, ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਚੱਕ ਤੇ ਸ. ਅਮਰੀਕ ਸਿੰਘ ਸ਼ਾਹਪੁਰ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੇਵਲ ਸਿੰਘ ਗਿੱਲ, ਸ. ਪ੍ਰਤਾਪ ਸਿੰਘ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਹੋਰ ਹਾਜ਼ਰ ਸਨ।