ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਭਾਈ ਲੌਂਗੋਵਾਲ ਕਰਨਗੇ ਸਨਮਾਨਿਤ

ਅੰਮ੍ਰਿਤਸਰ, 20 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰ੍ਰੀ ਮੰਜੀ ਸਾਹਿਬ ਅਲਮਗੀਰ ਲੁਧਿਆਣਾ ਵਿਖੇ ਚੱਲ ਰਹੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ੨੨ ਅਗਸਤ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗ੍ਰੰਥੀ ਅਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਉਚਾਰਨ ਦੀ ਮੁੱਢਲੀ ਜਾਣਕਾਰੀ ਦੇਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜਿਸ ਤਹਿਤ ਪੰਜਵਾਂ ਪਾਠ ਬੋਧ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ (ਲੁਧਿਆਣਾ) ਵਿਖੇ ਚੱਲ ਰਿਹਾ ਹੈ। ਇਸ ਦੀ ਸਮਾਪਤੀ ੨੨ ਅਗਸਤ ਨੂੰ ਹੋਵੇਗੀ ਅਤੇ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸੇ ਦੌਰਾਨ ਸ. ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਤਖ਼ਤੂਪੁਰਾ (ਮੋਗਾ) ਵਿਖੇ ਚੱਲ ਰਹੇ ਛੇਵੇਂ ਪਾਠ ਬੋਧ ਸਮਾਗਮ ਦੀ ਸਮਾਪਤੀ ੭ ਸਤੰਬਰ ਨੂੰ ਹੋਵੇਗੀ। ਸ. ਬੇਦੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਹਰ ਜ਼ਿਲ੍ਹੇ ਵਿਚ ਅਜਿਹੇ ਪਾਠ ਬੋਧ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਅਗਲੇ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਪਾਠ ਬੋਧ ਸਮਾਗਮ ਆਯੋਜਿਤ ਕੀਤੇ ਜਾਣਗੇ।