ਅੰਮ੍ਰਿਤਸਰ, 19 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਗੁਰਕੀਰਤ ਸਿਘ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਲਿਆ। ਇਸ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਨੇ ਪਾਖੰਡਵਾਦ, ਕੁਰੀਤੀਆਂ, ਵਹਿਮਾ-ਭਰਮਾਂ ਦਾ ਖੰਡਨ ਕਰਕੇ ਸਮਾਜਕ ਚੇਤਨਾ ਪੈਦਾ ਕੀਤੀ ਜਿਸ ਤੋਂ ਸਾਨੂੰ ਅਗਵਾਈ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਲਖਬੀਰ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਪਰਮਜੀਤ ਸਿੰਘ, ਸ. ਨਰਿੰਦਰ ਸਿੰਘ, ਸ. ਜਗਤਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।