ਅੰਮ੍ਰਿਤਸਰ, ੧੬ ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ, ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਉਨ੍ਹਾਂ ਬੀਬੀਆਂ ਨੂੰ ਪ੍ਰੇਰਣਾ ਕੀਤੀ ਕਿ ਉਹ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧ ਪ੍ਰਾਪਤ ਕਰ ਕੇ ਆਪਣੇ ਪਰਿਵਾਰਾਂ ਅੰਦਰ ਅਤੇ ਆਲੇ ਦੁਆਲੇ ਵਿਚ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਦਾ ਪ੍ਰਚਾਰ ਕਰਨ ਲਈ ਅੱਗੇ ਆਉਣ। ਭਾਈ ਪ੍ਰੇਮ ਸਿੰਘ ਨੇ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪਰੇਣਾ ਵੀ ਕੀਤੀ। ਗੁਰਮਤਿ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਮਰਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਨਿਰਮਲ ਸਿੰਘ ਇੰਚਾਰਜ ਗੱਡੀਆਂ, ਇੰਚਾਰਜ ਸ. ਦੀਪਇੰਦਰ ਸਿੰਘ, ਸ. ਨਿਰਵੈਲ ਸਿੰਘ, ਪ੍ਰੋ. ਸੁਖਦੇਵ ਸਿੰਘ ਤੇ ਸ. ਸੁਖਬੀਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਸੰਗਤਾਂ ਹਾਜ਼ਰ ਸਨ।