ਅੰਮ੍ਰਿਤਸਰ, ੧੯ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਤ ਜੀ ਦੀ ਬਾਣੀ ਅਕਾਲ ਪੁਰਖ ਦੀ ਭਗਤੀ ਦਾ ਉਪਦੇਸ਼ ਤੇ ਸਰਬ-ਸਾਂਝੀ ਭਾਈਚਾਰਕਤਾ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਰਵਿਦਾਸ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ‘ਤੇ ਚੱਲ ਕੇ ਅਸੀਂ ਜੀਵਨ ਸਵਾਰ ਸਕਦੇ ਹਾਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਰਮਬੀਰ ਸਿੰਘ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ ਸ਼ਹੂਰਾ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਗੁਲਜ਼ਾਰ ਸਿੰਘ ਚੀਫ਼, ਇੰਚਾਰਜ ਸ. ਦੀਪਇੰਦਰ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।