ਅੰਮ੍ਰਿਤਸਰ, 17 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਵੀ ਕੀਤੀ। ਇਸ ਮੌਕੇ ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਮਨਜੀਤ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਇੰਦਰਪਾਲ ਸਿੰਘ, ਸ. ਕਾਬਲ ਸਿੰਘ, ਸ. ਹਰਪਾਲ ਸਿੰਘ ਆਦਿ ਹਾਜ਼ਰ ਸਨ।