ਅੰਮ੍ਰਿਤਸਰ 23 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ। ਅਜੋਕੇ ਪਦਾਰਥਵਾਦੀ ਯੁੱਗ ਵਿਚ ਅਜਿਹੀਆਂ ਮਹਾਨ ਸ਼ਖਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸੁਚੱਜਾ ਮਾਰਗ ਦਰਸ਼ਨ ਕਰਦਾ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ ਤੇ ਸ. ਬਲਦੇਵ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸੁਰਪਵਾਈਜ਼ਰ ਸ. ਕਾਬਲ ਸਿੰਘ ਆਦਿ ਹਾਜ਼ਰ ਸਨ।