ਅੰਮ੍ਰਿਤਸਰ 25 ਸਤੰਬਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਵਿਦਿਆਰਥੀਆਂ ਦੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ੨੫ ਸਕੂਲਾਂ ਦੇ ਲਗਭਗ ੧੫੦ ਵਿਦਿਆਰਥੀਆਂ ਨੇ ਭਾਗ ਲਿਆ। ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚੋਂ ਦਿੱਤੇ ਗਏ ਸ਼ਬਦਾਂ ਦਾ ਹਰਮੋਨੀਅਮ, ਤਬਲਾ ਤੇ ਤੰਤੀ ਸਾਜ਼ਾਂ ਨਾਲ ਮਨੋਹਰ ਕੀਰਤਨ ਕੀਤਾ। ਇਸ ਮੌਕੇ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅਤੇ ਡਾ. ਜਤਿੰਦਰ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜੱਜ ਵਜੋਂ ਸੇਵਾ ਨਿਭਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦੇਣ ਲਈ ਸਮੇਂ ਸਮੇਂ ਅਜਿਹੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਪਨੀਰੀ ਨੂੰ ਧਰਮ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਸਿੱਖ ਸਮਾਜ ਦਾ ਵਿਕਾਸ ਗੁਰਬਾਣੀ ਵਿਚ ਦਰਸਾਏ ਮਾਰਗ ਨੂੰ ਅਪਣਾਉਣ ‘ਤੇ ਨਿਰਭਰ ਕਰਦਾ ਹੈ, ਇਸੇ ਉਦੇਸ਼ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ ਸਾਰੇ ਹੀ ਬੱਚਿਆਂ ਨੇ ਚੰਗੇ ਸੁਰ ਵਿਚ ਗੁਰਬਾਣੀ ਕੀਰਤਨ ਕੀਤਾ ਜਿਸ ਲਈ ਸਕੂਲ ਮੁਖੀ ਵੀ ਵਧਾਈ ਦੇ ਪਾਤਰ ਹਨ।
ਇਸ ਮੌਕੇ ਸ. ਸੁਖਬੀਰ ਸਿੰਘ ਐਡੀਸ਼ਨਲ ਮੈਨੇਜਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਪਲਵਿੰਦਰ ਕੌਰ, ਸ. ਕਾਬਲ ਸਿੰਘ ਲੁਹਾਰਕਾ, ਸ. ਜਸਪਾਲ ਸਿੰਘ, ਸ. ਹਰਦੀਪ ਸਿੰਘ ਤੇ ਸ. ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।