ਭਾਈ ਲੌਂਗੋਵਾਲ, ਜਥੇਦਾਰ ਕਰਮੂੰਵਾਲਾ, ਬੀਬੀ ਉਪਿੰਦਰਜੀਤ ਕੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਸੁਲਤਾਨਪੁਰ ਲੋਧੀ, 22 ਨਵੰਬਰ-ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫੁੱਲਾਂ ਨਾਲ ਸਜੀ ਸੁੰਦਰ ਬੱਸ ਵਿੱਚ ਸਜਾਈ ਸੁਨਹਿਰੀ ਪਾਲਕੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਵੀ ਭੇਟ ਕੀਤੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਵੱਲੋਂ ਆਰੰਭ ਦੀ ਅਰਦਾਸ ਮਗਰੋਂ ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਸੰਗਤਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਪੜਾਵਾਂ ‘ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ। ਨਗਰ ਕੀਰਤਨ ਵਿਚ ਸਕੂਲੀ ਵਿਦਿਆਰਥੀਆਂ ਦੇ ਬੈਂਡ ਅਤੇ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜ਼ੌਹਰ ਦਿਖਾਈ ਗਏ। ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਵਿਦਿਆਲਿਆਂ ਦੇ ਸਿਖਿਆਰਥੀਆਂ ਨੇ ਵੀ ਕੇਸਰੀਂ ਦਸਤਾਰਾਂ ਸਜਾ ਕੇ ਅਤੇ ਖ਼ਾਲਸਾਈ ਬਾਣਾ ਪਹਿਨ ਕੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਥਾਂ-ਥਾਂ ‘ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਾਰੇ ਮਾਰਗ ਨੂੰ ਖੂਬਸੂਰਤ ਲੜੀਆਂ ਅਤੇ ਸਵਾਗਤੀ ਗੇਟਾਂ ਨਾਲ ਵੀ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਫੁੱਲ ਪੱਤੀਆਂ ਦੀ ਵਰਖਾ ਵੀ ਕੀਤੀ ਗਈ ਅਤੇ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਦਾ ਵੱਖ-ਵੱਖ ਥਾਵਾਂ ”ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਜਗਤ ਲਈ ਇਹ ਵੱਡੀ ਖ਼ੁਸ਼ੀ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਅਗਲੇ ਸਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਬੀਬੀ ਓਪਿੰਦਰਜੀਤ ਕੌਰ, ਅੰਤ੍ਰਿੰਗ ਮੈਂਬਰ ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਸਰਵਣ ਸਿੰਘ ਕੁਲਾਰ, ਸ. ਗੁਰਮੀਤ ਸਿੰਘ ਬੂਹ, ਸ. ਸੁਖਵਰਸ਼ ਸਿੰਘ ਪੰਨੂੰ, ਸ. ਬਲਦੇਵ ਸਿੰਘ ਕਲਿਆਣ, ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਬਾਬਾ ਜਗਜੀਤ ਸਿੰਘ ਹਰਖੋਵਾਲ, ਇੰਜੀਨੀਅਰ ਸਵਰਨ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਜਰਨੈਲ ਸਿੰਘ, ਵਧੀਕ ਮੈਨੇਜਰ ਸ. ਸਰਬਜੀਤ ਸਿੰਘ ਧੁੰਦਾ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਇੰਦਰਜੀਤ ਸਿੰਘ ਯੂ.ਕੇ. ਬਾਬਾ ਸਤਨਾਮ ਸਿੰਘ ਕਾਰਸੇਵਾ ਵਾਲਿਆਂ, ਸ. ਜਸਬੀਰ ਸਿੰਘ ਲੌਂਗੋਵਾਲ ਸਮੇਤ ਵੱਖ-ਵੱਖ ਸਕੂਲਾਂ, ਕਾਲਜਾਂ ਦਾ ਸਟਾਫ਼, ਵਿਦਿਆਰਥੀਆਂ ਅਤੇ ਸੰਗਤਾਂ ਮੌਜੂਦ ਸਨ।

ਗੁਰਦੁਆਰਾ ਗੁਰੂ ਕਾ ਬਾਗ ਦੇ ਗੁੰਬਦ ‘ਤੇ ਸੋਨੇ ਦੇ ਕਲਸ਼ ਚੜ੍ਹਾਏ

ਇਸੇ ਦੌਰਾਨ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਦੀ ਨਵੇਂ ਤਿਆਰ ਕੀਤੇ ਗਏ ਦਰਬਾਰ ਦੇ ਗੁੰਬਦ ਉੱਪਰ ਸੋਨੇ ਦੇ ਕਲਸ਼ ਚੜ੍ਹਾਉਣ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਚੇਚੇ ਤੌਰ ‘ਤੇ ਪਹੁੰਚੇ। ਇਸ ਤੋਂ ਪਹਿਲਾਂ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਗੁਰਦੁਆਰਾ ਗੁਰੂ ਕਾ ਬਾਗ ਦੀ ਨਵੀਂ ਇਮਾਰਤ ਦੀ ਕਾਰ ਸੇਵਾ ਬਾਬਾ ਸ਼ਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਕਰਵਾਈ ਜਾ ਚੁੱਕੀ ਹੈ। ਤਿਆਰ ਕੀਤੇ ਗਏ ਦਰਬਾਰ ਦੀ ਛੱਤ ਅਤੇ ਦੀਵਾਰਾਂ ‘ਤੇ ਸੁੰਦਰ ਮੀਨਾਕਾਰੀ ਕੀਤੀ ਗਈ ਹੈ ਅਤੇ ਚਾਂਦੀ ਦੇ ਸੁੰਦਰ ਦਰਵਾਜ਼ੇ ਲਗਾਏ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਾਬਾ ਸ਼ਬੇਗ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਗੁੰਬਦ ‘ਤੇ ਸੋਨੇ ਦੀ ਸੇਵਾ ਸਬੰਧੀ ਬਾਬਾ ਸ਼ਬੇਗ ਸਿੰਘ ਨੇ ਦੱਸਿਆ ਕਿ ਸਥਾਪਤ ਕੀਤੇ ਜਾਣ ਵਾਲੇ ਕਲਸ਼ ਉੱਪਰ ਡੇਢ ਕਿਲੋ ਦੇ ਕਰੀਬ ਸੋਨੇ ਦੀਆਂ ਤੇਰ੍ਹਾਂ ਪਰਤਾਂ ਚੜ੍ਹਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਕਰਵਾਈਆਂ ਜਾ ਰਹੀਆਂ ਹੈ। ਇਸ ਮੌਕੇ ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਬੂਹ, ਸ. ਸਰਵਨ ਸਿੰਘ ਕੁਲਾਰ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ, ਸ. ਮਹਿੰਦਰ ਸਿੰਘ ਆਹਲੀ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਜਸਬੀਰ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।

ਭਾਈ ਮਰਦਾਨਾ ਦੀਵਾਨ ਹਾਲ ਦੀ ਕੀਤੀ ਖ਼ੂਬਸੂਰਤ ਸਜਾਵਟ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਵਿਸ਼ੇਸ਼ ਤੌਰ ‘ਤੇ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਿਆਰੀਆਂ ਦੀ ਅੰਤਿਮ ਛੋਹਾਂ ਦਾ ਨਰੀਖਣ ਕਰਨ ਪਹੁੰਚੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਲਕੇ ੨੩ ਨਵੰਬਰ ਇਸ ਦੀਵਾਨ ਹਾਲ ਵਿਚ ਕੀਤਾ ਜਾਣ ਵਾਲਾ ਮੁੱਖ ਸਮਾਗਮ ਪ੍ਰਭਾਵਸ਼ਾਲੀ ਹੋਵੇਗਾ ਅਤੇ ਇਸ ਸਮਾਗਮ ਮੌਕੇ ਵੱਖ-ਵੱਖ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਬਦਨੌਰ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ੯੬ਵੇਂ ਕਰੋੜੀ, ਦਲ ਪੰਥ ਬਾਬਾ ਬਿੰਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਨਿਰਮਲੇ, ਸੇਵਾਪੰਥੀ ਸੰਪਰਦਾ ਦੇ ਨੁਮਾਇੰਦੇ, ਸੰਤ ਸਮਾਜ ਦੇ ਆਗੂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਖ ਸਮਾਗਮ ਦਾ ਸਮਾਂ ਦੁਪਹਿਰ ੧੨:੦੦ ਵਜੇ ਤੋਂ ਸ਼ਾਮ ੪:੦੦ ਵਜੇ ਤੱਕ ਹੋਵੇਗਾ ਅਤੇ ਇਸੇ ਦੌਰਾਨ ਹੀ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗੁਰੂ ਸਾਹਿਬ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਸਬੰਧਤ ਵਿਸ਼ੇਸ਼ ਪੁਸਤਕਾਂ ਵੀ ਜਾਰੀ ਕੀਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਮੁਖ ਸਮਾਗਮ ਵਾਲੇ ਇਸ ਅਸਥਾਨ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਦਿੱਲੀ ਦੇ ਸ੍ਰੀ ਕੇ.ਕੇ. ਸ਼ਰਮਾ ਵੱਲੋਂ ਫੁੱਲਾਂ ਦੀ ਖ਼ੂਬਸੂਰਤ ਸਜਾਵਟ ਕੀਤੀ ਗਈ ਹੈ। ਮੁਖ ਸਟੇਜ ਨੂੰ ਤਿੰਨ ਹਿੱਸਿਆ ਵਿਚ ਵੰਡਿਆ ਗਿਆ ਹੈ। ਬਿਲਕੁਲ ਕੇਂਦਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਜਾਵੇਗਾ, ਜਦਕਿ ਇਕ ਪਾਸੇ ਧਾਰਮਿਕ ਸ਼ਖ਼ਸੀਅਤਾਂ ਅਤੇ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦੇ ਬੈਠਣਗੇ ਅਤੇ ਦੂਸਰੇ ਪਾਸੇ ਦੇਸ਼ ਦੀਆਂ ਪ੍ਰਮੁੱਖ ਹਸਤੀਆਂ ਸਥਾਨ ਗ੍ਰਹਿਣ ਕਰਨਗੀਆਂ।

ਧਾਰਮਿਕ ਨਾਟਕਾਂ ਦਾ ਮੰਚਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਉਲੀਕੇ ਗਏ ਵੱਖ-ਵੱਖ ਪ੍ਰੋਗਰਾਮਾਂ ਤਹਿਤ ਬੀਤੀ ਰਾਤ ਧਾਰਮਿਕ ਨਾਟਕਾਂ ਦਾ ਮੰਚਨ ਕੀਤਾ ਗਿਆ। ਇਹ ਨਾਟਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਖੇਡੇ ਗਏ, ਜਿਸ ਦਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਨੰਦ ਮਾਣਿਆ। ਖੇਡੇ ਗਏ ਨਾਟਕਾਂ ਵਿਚ ਸ. ਇੰਦਰਜੀਤ ਸਿੰਘ ਸਹਾਰਨ ਦੀ ਟੀਮ ਵੱਲੋਂ ‘ਇਹ ਲਹੂ ਕਿਸ ਦਾ ਹੈ’ ਦਾ ਸਫਲ ਮੰਚਨ ਹੋਇਆ। ਇਸ ਤੋਂ ਇਲਾਵਾ ਸ਼੍ਰੋਮਣੀ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਤਿੰਨ ਨਾਟਕ ‘ਮਿਟੀ ਧੁੰਧੁ ਜਗਿ ਚਾਨਣੁ ਹੋਆ’, ‘ਜਿਨ ਸਚੁ ਪਲੈ ਹੋਇ’ ਅਤੇ ‘ਸਤਿਗੁਰ ਨਾਨਕ ਪ੍ਰਗਟਿਆ’ ਖੇਡੇ ਗਏ।