ਸਬੰਧਤ ਵਿਅਕਤੀ ’ਤੇ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ- ਐਡਵੋਕੇਟ ਧਾਮੀ
ਅੰਮ੍ਰਿਤਸਰ, 15 ਜਨਵਰੀ-
ਰਾਜਸਥਾਨ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਇਹ ਘਿਨੌਣੀ ਹਰਕਤ ‘ਸਵਾਮੀ ਬ੍ਰਹਮਦੇਵ ਜੀ ਮਹਾਰਾਜ ਗੰਗਾਨਗਰ ਵਾਲੇ’ ਨਾਂ ਦੇ ਫੇਸਬੁੱਕ ਖਾਤੇ ’ਤੇ ਸਾਹਮਣੇ ਆਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕਰਦਿਆਂ ਦੋਸ਼ੀ ਖਿਲਾਫ ਕਾਰਵਾਈ ਮੰਗੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕਿਸੇ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਨਾਲ ਸਬੰਧ ਰੱਖਦੇ ਸਵਾਮੀ ਬ੍ਰਹਮਦੇਵ ਵੱਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਗੁਰਬਾਣੀ ਨੂੰ ਆਪਣੇ ਢੰਗ ਨਾਲ ਪੇਸ਼ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਕਾਰਵਾਈ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਬੰਧਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਕੇ ਕਰਵਾਈ ਕੀਤੀ ਜਾਵੇ। ਐਡਵੋਕੇਟ ਧਾਮੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਕਸਰ ਹੀ ਸੋਸ਼ਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਸਿੱਖ ਸਿਧਾਂਤਾਂ ਨਾਲ ਵੀ ਛੇੜ-ਛਾੜ ਕੀਤੀ ਜਾਂਦੀ ਹੈ। ਇਹ ਜਾਣਬੁਝ ਕੇ ਕੀਤਾ ਜਾ ਰਿਹਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਸ਼ਿਕਾਇਤਾਂ ਤੋਂ ਬਾਅਦ ਵੀ ਅਜਿਹੇ ਲੋਕਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਮਿਸਾਲੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ, ਤਾਂ ਜੋ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।